ਤਨਖ਼ਾਹ ਨਾ ਮਿਲਣ ਕਾਰਨ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ
ਜ਼ਿਲ੍ਹੇ ਭਰ ਵਿੱਚ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਤਨਖ਼ਾਹ ਵਿੱਚ ਦੇਰੀ ਅਤੇ ਹੋਰ ਮੰਗਾਂ ਮੰਨਵਾਉਣ ਲਈ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ। ਮੁਲਾਜ਼ਮਾਂ ਦੀ ਜਥੇਬੰਦੀ...
ਜ਼ਿਲ੍ਹੇ ਭਰ ਵਿੱਚ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਤਨਖ਼ਾਹ ਵਿੱਚ ਦੇਰੀ ਅਤੇ ਹੋਰ ਮੰਗਾਂ ਮੰਨਵਾਉਣ ਲਈ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ। ਮੁਲਾਜ਼ਮਾਂ ਦੀ ਜਥੇਬੰਦੀ ਦੇ ਪ੍ਰਧਾਨ ਗੁਰਸੇਵਕ ਸਿੰਘ ਲਾਲੂਘੁੰਮਣ, ਅਮਰਿੰਦਰ ਸਿੰਘ, ਵਰਿੰਦਰ ਸਿੰਘ ਜੋਤੀ ਆਦਿ ਨੇ ਦੱਸਿਆ ਕਿ ਅੱਜ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲ੍ਹੇ ਭਰ ਨਾਲ ਸਬੰਧਤ ਸੇਵਾ ਕੇਂਦਰਾਂ ’ਚ ਤਾਇਨਾਤ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕੇ ਸੇਵਾ ਕੇਂਦਰਾਂ ’ਚ ਮੁਲਾਜ਼ਮ ਪਿਛਲੇ 10 ਸਾਲ ਤੋਂ ਨਿਗੂਣੀ ਤਨਖ਼ਾਹ ’ਤੇ ਕੰਮ ਕਰ ਰਹੇ ਹਨ ਜਿਸ ਦੇ ਚੱਲਦਿਆਂ ਅੱਜ ਕੱਲ੍ਹ ਮਹਿੰਗਾਈ ਦੇ ਦੌਰ ਵਿੱਚ ਗੁਜ਼ਾਰਾ ਕਰਨਾ ਬਹੁਤ ਔਖਾ ਹੈ। ਮੁਲਾਜ਼ਮਾਂ ਨੇ ਆਖਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੰਪਨੀ ਵੱਲੋਂ ਕਦੇ ਵੀ ਸਮੇਂ ਸਿਰ ਤਨਖ਼ਾਹ ਨਹੀਂ ਦਿੱਤੀ ਜਾਂਦੀ ਅਤੇ ਉਨ੍ਹਾਂ ਕੋਲੋ ਵਾਧੂ ਕੰਮ ਲਿਆ ਜਾ ਰਿਹਾ ਹੈ। ਮੀਤ ਪ੍ਰਧਾਨ ਜਗਦੀਸ਼ ਸਿੰਘ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਭਰ ਵਿੱਚ ਠੇਕਾ ਪ੍ਰਣਾਲੀ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਆਮ ਆਦਮੀ ਸਰਕਾਰ ਦੇ ਲਗਪਗ 4 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸੇਵਾ ਕੇਂਦਰਾਂ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਜਾ ਰਹੀ। ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਡੀ ਐੱਸ ਡੀ ਅਪਰੇਟਰ ਘਰ-ਘਰ ਜਾ ਕੇ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਦਾ ਕਦੇ ਵੀ ਟੀ ਏ ਸਮੇਂ ਸਿਰ ਨਹੀਂ ਆਇਆ ਅਤੇ ਜੋ ਬੀ ਟੂ ਸੀ ਅਪਰੇਟਰ ਰੱਖੇ ਹਨ, ਉਨ੍ਹਾਂ ਨੂੰ 11 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲ ਰਹੀ। ਸੇਵਾ ਕੇਂਦਰਾਂ ਦੀ ਜ਼ਿਲ੍ਹਾ ਇਕਾਈ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

