SGPC school principals meeting: ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ
ਸਿੱਖ ਸੰਸਥਾਵਾਂ ਵਿਰੁੱਧ ਤੱਥਹੀਣ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ, ਜਿਸ ਵਿੱਚ ਸਿੱਖ ਸੰਸਥਾਵਾਂ ਨੂੰ ਜਾਣਬੁੱਝ ਕੇ ਨਿਸ਼ਾਨੇ ’ਤੇ ਲੈ ਕੇ ਕੀਤੇ ਜਾ ਰਹੇ ਗਲਤ ਪ੍ਰਚਾਰ ’ਤੇ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਹਰਜਿੰਦਰ ਕੌਰ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਨੇ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ’ਤੇ ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਸਬੰਧੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੇ ਪ੍ਰਚਾਰ ਦੀ ਪਛਾਣ ਕਰਨਾ ਸਮੇਂ ਦੀ ਲੋੜ ਹੈ। ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਸੰਸਥਾ ਬਾਰੇ ਹੋ ਰਹੀ ਇਕਪਾਸੜ ਜਾਂ ਬਿਨਾਂ ਤੱਥਾਂ ਦੀ ਬਿਆਨਬਾਜ਼ੀ ਦਾ ਜਵਾਬ ਸੰਜਮ ਅਤੇ ਤੱਥਾਂ ਨਾਲ ਦਿੱਤਾ ਜਾਵੇ। ਇਸੇ ਦੌਰਾਨ ਸਕੱਤਰ ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਕਾਸ ਅਤੇ ਕਰਮਚਾਰੀਆਂ ਦੀ ਭਲਾਈ ਲਈ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਏ ਕਾਰਜ ਆਪਣੇ ਆਪ ਵਿਚ ਮਹੱਤਵਪੂਰਨ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਨਵੇਂ ਉਪਰਾਲੇ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

