ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸੁੱਖ, ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਲਵਿੰਦਰਪਾਲ ਸਿੰਘ ਨੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਵਿੱਚ ਵੀ ਗੁਰੂ ਆਸ਼ੇ ਅਨੁਸਾਰ ਸੇਵਾਵਾਂ ਕਰਨ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਣਜੀਤ ਸਿੰਘ ਕਾਹਲੋਂ, ਹਰਜਾਪ ਸਿੰਘ ਸੁਲਤਾਨਵਿੰਡ, ਅਵਤਾਰ ਸਿੰਘ ਵਣਵਾਲਾ, ਓਐੱਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਤੇ ਹੋਰ ਮੌਜੂਦ ਸਨ।
ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਮੱਗਰੀ ਰਵਾਨਾ
ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ੍ਰੀ ਗੁਰੂ ਹਰਿਕਿਸ਼ਨ ਪਬਲਿਕ ਸਕੂਲ ਵਿਖੇ ਅਜਨਾਲਾ ਰਾਹਤ ਸਮੱਗਰੀ ਅਤੇ ਰਾਸ਼ਨ ਵਸਤਾਂ ਰਵਾਨਾ ਕੀਤੀਆਂ ਗਈਆਂ। ਦੀਵਾਨ ਪ੍ਰਬੰਧਕਾਂ ਅਤੇ ਮੈਂਬਰਾਨ ਵੱਲੋਂ ਕੁਦਰਤੀ ਆਫ਼ਤ ਦੀ ਲਪੇਟ ਵਿੱਚ ਆਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਜਲਦ ਹੀ ਆਮ ਜੀਵਨ ਦੀਆਂ ਲੀਹ ’ਤੇ ਵਾਪਸ ਆਉਣ ਦੀ ਕਾਮਨਾ ਕੀਤੀ ਗਈ। ਪ੍ਰਧਾਨ ਡਾ. ਨਿੱਝਰ ਅਤੇ ਦੀਵਾਨ ਮੈਂਬਰ ਅਵਤਾਰ ਸਿੰਘ ਘੁੱਲਾ ਨੇ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਮੁਸ਼ਕਲ ਘੜੀ ਵਿੱਚ ਲੋੜੀਂਦੀਆਂ ਵਸਤਾਂ ਲਈ ਸਕੂਲ ਨੰਬਰਾਂ ’ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਪਰਿਵਾਰਾਂ ਲਈ ਸਕੂਲ ਵਿੱਚ ਠਹਿਰਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਦੀਵਾਨ ਦੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀਸ਼ਨਲ ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ ਹਰਵਿੰਦਰਪਾਲ ਸਿੰਘ ਚੁੱਘ, ਏ.ਪੀ.ਐੱਸ ਮਾਨ, ਡਾ. ਆਤਮਜੀਤ ਸਿੰਘ ਬਸਰਾ, ਸਰਜੋਤ ਸਿੰਘ ਸਾਹਨੀ ਤੇ ਹੋਰ ਹਾਜ਼ਰ ਸਨ।