ਸਥਾਨਕ ਮੁਹੱਲਾ ਸ਼ੇਖੂਪੁਰਾ ਵਿੱਚ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 15 ਤੋਂ 20 ਫਾਇਰ ਕੀਤੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਮਹੱਲਾ ਸ਼ੇਖੂਪੁਰਾ ਵਾਸੀ ਸੰਤੋਖ ਸਿੰਘ ਦੇ ਘਰ ’ਤੇ ਹੋਈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਨੌਂ ਅਣਪਛਾਤੇ ਹਮਲਾਵਰ ਆਏ ਸਨ, ਜਿਨ੍ਹਾਂ ਨੇ ਘਰ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ।
ਘਰ ਨੇੜੇ ਸਥਿਤ ਸਕੂਲ ਵਿੱਚ ਸਫ਼ਾਈ ਸੇਵਕ ਵਜੋਂ ਡਿਊਟੀ ਨਿਭਾਉਂਦੇ ਪੀੜਤ ਸੰਤੋਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਪੁਰਾਣੀ ਰੰਜਿਸ਼ ਜਾਂ ਦੁਸ਼ਮਣੀ ਨਹੀਂ ਹੈ। ਉਹ ਸਧਾਰਨ ਪਰਿਵਾਰ ਨਾਲ ਸਬੰਧਿਤ ਹਨ ਅਤੇ ਉਨ੍ਹਾਂ ਨੂੰ ਘਰ ਨਿਸ਼ਾਨਾ ਦਾ ਕਾਰਨ ਸਮਝ ਨਹੀਂ ਆ ਰਿਹਾ। ਪਰਿਵਾਰ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ ਐੱਚ ਓ ਜੰਡਿਆਲਾ ਗੁਰੂ ਹਰਪਾਲ ਸਿੰਘ ਪੁਲੀਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ ਐੱਚ ਓ ਹਰਪਾਲ ਸਿੰਘ ਨੇ ਦੱਸਿਆ ਘਟਨਾ ਸਬੰਧੀ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੀ ਸੀ ਸੀ ਟੀ ਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਟੀਮਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਨੂੰ ਬਹੁਤ ਜਲਦੀ ਕਾਬੂ ਕਰ ਲਿਆ ਜਾਵੇਗਾ। ਲੋਕਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਗਸ਼ਤ ਵਧਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ।
