ਗੁਰਬਖਸ਼ਪੁਰੀ
ਤਰਨ ਤਾਰਨ, 1 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਗਈ। ਇੱਥੋਂ ਦੇ ਸ੍ਰੀ ਦਰਬਾਰ ਸਾਹਿਬ ਵਿੱਚ ਮੁਹਿੰਮ ਦੀ ਸ਼ੁਰੂਆਤ ਮੌਕੇ ਸੰਗਤ ਨੇ ਭਾਰੀ ਉਤਸ਼ਾਹ ਦਿਖਾਇਆ| ਇਸ ਮੁਹਿੰਮ ਦੇ ਸ਼ੁਰੂ ਕੀਤੇ ਜਾਣ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ, ਖੁਸ਼ਿਵੰਦਰ ਸਿੰਘ ਭਾਟੀਆ, ਬਲਵਿੰਦਰ ਸਿੰਘ ਵੇਈਂਪੂੰਈ, ਬੀਬੀ ਹਰਜਿੰਦਰ ਕੌਰ, ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਹਰਜੀਤ ਸਿੰਘ ਸਮੇਤ ਹੋਰਨਾਂ ਨੇ ਹਾਜ਼ਰੀ ਭਰੀ| ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਧਰਵਿੰਦਰ ਸਿੰਘ ਵੱਲੋਂ ਇਸ ਦਸਤਖਤ ਮੁਹਿਮ ਦੀ ਆਰੰਭਤਾ ਸਮੇਂ ਸੁਚੱਜੇ ਪ੍ਰਬੰਧ ਕੀਤੇ ਗਏ|
ਬਟਾਲਾ (ਦਲਬੀਰ ਸਿੰਘ ਸੱਖੋਵਾਲੀਆ): ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜ਼ਰਬੰਦ ਕੀਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਗੁਰਦਾਸਪੁਰ ‘ਚ ਇਸ ਮੁਹਿੰਮ ਦੀ ਆਰੰਭਤਾ ਇਤਿਹਾਸਕ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਤੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਅਤੇ ਕਾਰਜਕਾਰੀ ਮੈਂਬਰ ਜਥੇਦਾਰ ਗੁਰਨਾਮ ਸਿੰਘ, ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਐੱਸਜੀਪੀਸੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਹੋਰਨਾਂ ਨੇ ਸ਼ਿਰਕਤ ਕੀਤੀ। ਕਾਰਜਕਾਰੀ ਮੈਂਬਰਾਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਸਤਖ਼ਤੀ ਫ਼ਾਰਮ ਭਰ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦਿੱਤੇ ਜਾਣਗੇ, ਜੋ ਕਿ ਚੰਡੀਗੜ੍ਹ ਵਿੱਚ ਰੋਸ ਮੁਜ਼ਾਹਰਾ ਕਰਨ ਉਪਰੰਤ ਪੰਜਾਬ ਦੇ ਰਾਜਪਾਲ ਨੂੰ ਇਹ ਫ਼ਾਰਮ ਸੌਂਪ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਸਮੇਂ ਦੌਰਾਨ ਦਿੱਲੀ, ਪੰਜਾਬ ਤੇ ਹਰਿਆਣਾ ਵਿੱਚ ਧਰਨੇ-ਮੁਜ਼ਾਹਰੇ ਅਤੇ ਰੋਸ ਮਾਰਚ ਕਰ ਕੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਲਗਾ ਕੇ ਮੰਗ ਪੱਤਰ ਸੌਂਪੇ ਗਏ ਪਰ ਉਸ ‘ਤੇ ਕੋਈ ਕਾਰਵਾਈ ਨਾ ਹੋਣ ਕਾਰਨ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।