ਪੱਤਰ ਪ੍ਰੇਰਕ
ਤਰਨ ਤਾਰਨ, 3 ਨਵੰਬਰ
ਕਿਰਤੀ ਕਿਸਾਨ ਯੂਨੀਅਨ ਦੀ ਸਥਾਨਕ ਜ਼ਿਲ੍ਹਾ ਇਕਾਈ ਨੇ ਸਿੱਖ ਮੁੱਦਿਆਂ ਨੂੰ ਲੈ ਕੇ ਅੱਜ ਇਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਰੈਲੀ ਕਰਦਿਆਂ ਦੇਸ਼ ਅੰਦਰ ਸਿੱਖਾਂ ਸਮੇਤ ਹੋਰਨਾਂ ਘੱਟ ਗਿਣਤੀਆਂ ਨਾਲ ਵਧੀਕੀਆਂ ਵਿਰੁੱਧ ਸ਼ਹਿਰ ਵਿੱਚ ਰੋਸ ਮਾਰਚ ਕੀਤਾ|
ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਮਾਸਟਰ ਨਛੱਤਰ ਸਿੰਘ ਦੀ ਅਗਵਾਈ ਵਿੱਚ ਇਕੱਤਰ ਹੋਏ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਜਥੇਬੰਦੀ ਦੇ ਆਗੂ ਸੁਖਦੇਵ ਸਿੰਘ ਸਹਿੰਸਰਾ, ਸਤਪਾਲ ਸਿੰਘ ਰੰਧਾਵਾ, ਬਲਵਿੰਦਰ ਸਿੰਘ ਸਖੀਰਾ, ਬਲਕਾਰ ਸਿੰਘ ਜੰਡੋਕੇ, ਕਰਮਜੀਤ ਸਿੰਘ ਕਲੇਰ, ਤਰਲੋਚਨ ਸਿਘ ਸਿੰਘ ਪ੍ਰੀਤ, ਸੁਖਦੇਵ ਸਿੰਘ ਸਰਹਾਲੀ, ਭਾਈ ਸੁਖਚੈਨ ਸਿੰਘ ਗੋਪਾਲਾ ਨੇ ਸੰਬੋਧਨ ਕਰਦਿਆਂ ਦੇਸ਼ ਅੰਦਰ ਸਰਕਾਰਾਂ ਵੱਲੋਂ ਘੱਟ ਗਿਣਤੀਆਂ ਪ੍ਰਤੀ ਪੱਖਪਾਤੀ ਰਵੱਈਆ ਧਾਰਨ ਕਰਨ ਦੀ ਨਿਖੇਧੀ ਕੀਤੀ| ਬੁਲਾਰਿਆਂ ਨਵੰਬਰ 84 ਦੀਆਂ ਅਮਾਨਵੀ ਘਟਨਾਵਾਂ ਨੂੰ ਚੇਤੇ ਕਰਦਿਆਂ ਇਨ੍ਹਾਂ ਘਟਨਾਵਾਂ ਦੇ 38 ਸਾਲ ਬਾਅਦ ਵੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਨਵੰਬਰ ’84 ਦੇ ਦੌਰ ਨੂੰ ਕਾਲੇ ਯੁੱਗ ਕਰਕੇ ਜਾਣਿਆ ਜਾਵੇਗਾ| ਆਗੂਆਂ ਨਵੰਬਰ 84 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀਆ ਨੂੰ ਸਜ਼ਾਵਾਂ ਦੇਣ ਤੇ ਸਜ਼ਾ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ’ਤੇ ਜ਼ੋਰ ਦਿੱਤਾ|
ਗੜ੍ਹਸ਼ੰਕਰ (ਨਿੱਜੀ ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਦੀ ਸਥਾਨਕ ਇਕਾਈ ਵੱਲੋਂ ਬੱਸ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਨੂੰ 38 ਸਾਲ ਬੀਤਣ ’ਤੇ ਵੀ ਦੋਸ਼ੀਆਂ ਨੂੰ ਸਜ਼ਾ ਨਾ ਮਿਲਣਾ ਕਾਨੂੰਨ ਦੇ ਮੱਥੇ ’ਤੇ ਕਲੰਕ ਹੈ। ਦੂਜੇ ਪਾਸੇ ਬਹੁਤ ਸਾਰੇ ਸਜ਼ਾ ਪੂਰੀ ਕਰ ਚੁੱਕੇ ਬੁੱਧੀਜੀਵੀ ਤੇ ਸਿੱਖ ਕਾਰਕੁਨਾਂ ਨੂੰ ਜੇਲਾਂ ਵਿੱਚ ਡੱਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰ ਤੇ ਕਤਲ ਦੇ ਮਾਮਲੇ ’ਚ ਸਜ਼ਾਯਾਫ਼ਾ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖਾਂ ਨਾਲ ਵਧੀਕੀ ਕੀਤੀ ਜਾ ਰਹੀ ਹੈ।
ਆਦਮਪੁਰ ਦੋਆਬਾ (ਜਲੰਧਰ) (ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਲਾਇਲਪੁਰ ਖਾਲਸਾ ਕਾਲਜ ਅਤੇ ਆਈਟੀਆਈ ਨਕੋਦਰ ਵਿੱਚ ਰੋਸ ਰੈਲੀ ਕਰਦਿਆਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਤੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਸਮੇਤ ਲੇਖਕਾਂ, ਬੁੱਧੀਜੀਵੀਆਂ ਤੇ ਪੱਤਰਕਾਰਾਂ ਦੀ ਰਿਹਾਈ ਮੰਗੀ ਗਈ। ਸੂਬਾ ਆਗੂ ਮੰਗਲਜੀਤ ਪੰਡੋਰੀ ਤੇ ਜ਼ਿਲ੍ਹਾ ਸਕੱਤਰ ਰਮਨਦੀਪ ਕੌਰ ਜ਼ਿਲ੍ਹਾ ਕਮੇਟੀ ਮੈਂਬਰ ਅਲੀਸ਼ਾ ਨੇ ਕਿਹਾ, ‘‘1984 ਵਿੱਚ ਸਿੱਖਾਂ ਦਾ ਕਤਲੇਆਮ ਗਿਣੀਮਿਥੀ ਸਾਜਿਸ਼ ਅਤੇ ਸਿਆਸੀ ਪੁਸ਼ਤਪਨਾਹੀ ਤਹਿਤ ਕੀਤੀ ਗਈ ‘ਨਸਲਕੁਸ਼ੀ’ ਸੀ ਕਿਉਂਕਿ ਜਦੋਂ ਜ਼ਖ਼ਮੀਆਂ ਨਾਲੋਂ ਮਰਨ ਵਾਲਿਆਂ ਦੀ ਗਿਣਤੀ ਵੱਧ ਹੋਵੇ ਤਾਂ ਇਹ ਸਾਜਿਸ਼ ਤੋਂ ਬਿਨਾਂ ਹੋਰ ਕੁਝ ਨਹੀਂ। ਉਸ ਸਮੇਂ ਸਰਕਾਰੀ ਮਸ਼ੀਨਰੀ ਨੂੰ ਸਿੱਖਾਂ ਖ਼ਿਲਾਫ਼ ਵਰਤਿਆ ਗਿਆ।’’ ਅੱਜ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਗਿਆ ਦੂਜੇ ਪਾਸੇ ਗੁਜਰਾਤ ’ਚ ਮੁਸਲਮਾਨਾਂ ਦੇ ਕਤਲਲ ਲਈ ਜ਼ਿੰਮੇਵਾਰਾਂ ਤੇ ਬਲਾਤਕਾਰੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਅਲੀਸ਼ਾ ਨੇ ਕਿਹਾ ਕਿ ਅੱਜ ਵੀ ਦੇਸ਼ ’ਚ ਘੱਟ ਗਿਣਤੀਆਂ ’ਚ ਦਹਿਸ਼ਤੀ, ਨਫਰਤੀ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਤੇ ਹੁਕਮਰਾਨ ਕੁਰਸੀਆਂ ’ਤੇ ਕਾਬਜ਼ ਰਹਿਣ ਲਈ ‘ਪਾੜੋ ਤੇ ਰਾਜ ਕਰੋ ਦੀ ਨੀਤੀ’ ਲਾਗੂ ਕਰ ਰਹੇ ਹਨ।
ਜਨਤਕ ਜਥੇਬੰਦੀਆਂ ਵੱਲੋਂ ਨਗਰ ਨਿਗਮ ਦਫ਼ਤਰ ਅੱਗੇ ਮੁਜ਼ਾਹਰਾ
ਆਦਮਪੁਰ ਦੋਆਬਾ (ਪੱਤਰ ਪ੍ਰੇਰਕ): ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਅਤੇ ਜਨਤਕ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਅਤੇ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼ਹਿਰ ਵਿੱਚ ਮੁਜ਼ਾਹਰਾ ਕਰਦੇ ਹੋਏ ਨਗਰ ਨਿਗਮ ਦਫ਼ਤਰ ਸਾਹਮਣੇ ਚੌਕ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਉਕਤ ਮੰਗਾਂ ਸਬੰਧੀ ਰਾਸ਼ਟਰਪਤੀ ਦੇ ਨਾਂਅ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ। ਮੁਜ਼ਾਹਰੇ ਤੋਂ ਪਹਿਲਾਂ ਕਿਸਾਨ, ਮਜ਼ਦੂਰ ਅਤੇ ਹੋਰ ਮਿਹਨਤੀ ਲੋਕ ਦੇਸ਼ ਭਗਤ ਯਾਦਗਾਰ ਹਾਲ ’ਚ ਇਕੱਠੇ ਹੋਏ ਅਤੇ ਮਾਰਚ ਕਰਦੇ ਹੋਏ ਨਗਰ ਨਿਗਮ ਦੇ ਸਾਹਮਣੇ ਪੁੱਜੇ। ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਮੰਗਲਜੀਤ ਪੰਡੋਰੀ ਨੇ ਕਿਹਾ ਕਿ 1984 ’ਚ ਸਿੱਖਾਂ ਦਾ ਕਤਲੇਆਮ ਗਿਣੀਮਿਥੀ ਸਾਜਿਸ਼ ਅਤੇ ਸਿਆਸੀ ਪੁਸ਼ਤਪਨਾਹੀ ਤਹਿਤ ਕੀਤਾ ਗਿਆ ਕਤਲੇਆਮ ਸੀ।