ਪੱਤਰ ਪ੍ਰੇਰਕ
ਅਜਨਾਲਾ, 24 ਜੁਲਾਈ
ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਖਾਣ ਵਾਲੀਆਂ ਵਸਤੂਆਂ ’ਤੇ ਲਾਏ ਗਏ ਟੈਕਸ ਦੀ ਨਿੰਦਾ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਨਤਾ ਵਿਰੋਧੀ ਲਏ ਜਾ ਰਹੇ ਫ਼ੈਸਲਿਆਂ ਤਹਿਤ ਖਾਣ-ਪੀਣ ਵਾਲੀਆਂ ਵਸਤੂਆਂ ’ਤੇ ਨਵਾਂ ਟੈਕਸ ਲਾਇਆ ਜਾ ਰਿਹਾ ਹੈ, ਉਸ ਨੂੰ ਲੋਕ ਕਦੇ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਐੱਮ.ਐੱਸ.ਪੀ ਕਮੇਟੀ ਵਿੱਚ ਪੰਜਾਬ ਨੂੰ ਅਣਗੌਲਿਆਂ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਨੂੰ ਬਾਹਰ ਕਰ ਕੇ ਅਤੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਕਾਰਨ ਲਗਾਤਾਰ ਲੋਕਾਂ ਦੇ ਵਿਰੋਧ ਵਿੱਚ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਨ੍ਹਾਂ ਮੰਗਾਂ ਨੂੰ ਲੈ ਕੇ 31 ਜੁਲਾਈ ਨੂੰ ਪੂਰੇ ਭਾਰਤ ਵਿੱਚ ਤਿੰਨ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ 17 ਤੋਂ 19 ਅਗਸਤ ਤੱਕ ਲਖੀਮਪੁਰ ਖੀਰੀ ਘਟਨਾ ਦੇ ਪੀੜਤ ਵਿਅਕਤੀਆਂ ਨੂੰ ਇਨਸਾਫ ਦਿਵਾਉਣ ਲਈ ਪੱਕਾ ਮੋਰਚਾ ਲਾਇਆ ਜਾਵੇਗਾ।
ਉਨ੍ਹਾਂ ਮੰਗ ਕਰਦਿਆਂ ਕਿ ਪੰਜਾਬ ਵਿਰੋਧੀ ਲਗਾਤਾਰ ਫ਼ੈਸਲੇ ਵਾਪਸ ਲਏ ਜਾਣ ਅਤੇ ਲਖੀਮਪੁਰ ਖੀਰੀ ਦੇ ਪੀੜਤ ਵਿਅਕਤੀਆਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਵਿਸ਼ੇਸ਼ ਉਪਰਾਲੇ ਕਰੇ। ਇਸ ਮੌਕੇ ਉਨ੍ਹਾਂ ਪਿੰਡ ਜਸਤਰਵਾਲ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਂਝੀ ਕਮੇਟੀ ਕਾਇਮ ਕੀਤੀ ਜਿਸ ਵਿੱਚ ਗੁਲਜ਼ਾਰ ਸਿੰਘ ਨੂੰ ਪ੍ਰਧਾਨ, ਹਰਭਜਨ ਸਿੰਘ ਨੂੰ ਸਕੱਤਰ, ਇਕਬਾਲ ਸਿੰਘ ਨੂੰ ਖਜ਼ਾਨਚੀ ਨਿਯੁਕਤ ਕੀਤਾ ਗਿਆ। ਇਸ ਪ੍ਰਦਰਸ਼ਨ ਨੂੰ ਏਰੀਆ ਪ੍ਰਧਾਨ ਸੁਖਦੇਵ ਸਿੰਘ ਡੱਬਰ, ਵਿਜੇ ਸ਼ਾਹ ਧਾਰੀਵਾਲ, ਅੰਗਰੇਜ ਸਿੰਘ ਲੱਖੂਵਾਲ ਨੇ ਵੀ ਸੰਬੋਧਨ ਕੀਤਾ।