ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਅਕਤੂਬਰ
ਕਰੋਨਾ ਕਾਲ ਵੇਲੇ ਕਰੋਨਾ ਵਾਰਡਾਂ ਵਿਚ ਰੱਖੇ ਗਏ ਦਰਜਾ ਚਾਰ ਨਾਲ ਸਬੰਧਤ 176 ਕਰਮਚਾਰੀਆਂ ਨੂੰ ਸਰਕਾਰ ਵੱਲੋਂ ਫਾਰਗ ਕਰਨ ਦੇ ਫੈਸਲੇ ਖਿਲਾਫ ਅੱਜ ਇਨਾਂ ਨੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੋਸ ਰੈਲੀ ਕੀਤੀ। ਜਿਸ ਵਿਚ ਉਨ੍ਹਾਂ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ। ਰੈਲੀ ਸਿਹਤ ਕਰਮਚਾਰੀ ਯੂਨੀਅਨ ਦੇ ਆਗੂ ਨਰਿੰਦਰ ਸਿੰਘ ਅਤੇ ਪ੍ਰੇਮ ਚੰਦ ਦੀ ਅਗਵਾਈ ਵਿਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਰੋਨਾ ਕਾਲ ਵੇਲੇ ਰੱਖੇ ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਫਾਰਗ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਵੇਲੇ ਇਨ੍ਹਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕਰੋਨਾ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਕਰੋਨਾ ਦਾ ਪ੍ਰਭਾਵ ਘੱਟ ਜਾਣ ’ਤੇ ਸਰਕਾਰ ਨੇ ਇਨ੍ਹਾਂ ਨੂੰ ਫਾਰਗ ਕਰਨ ਦਾ ਆਦੇਸ਼ ਦਿੱਤਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨਾਲ ਭਲਕੇ 9 ਅਕਤੂਬਰ ਨੂੰ ਇਥੇ ਇਸ ਸਬੰਧੀ ਮੀਟਿੰਗ ਰੱਖੀ ਗਈ ਹੈ।