ਪੱਤਰ ਪ੍ਰੇਰਕ
ਤਰਨ ਤਾਰਨ, 13 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਛੇ-ਰੋਜ਼ਾ ਹੜਤਾਲ ਦੇ ਅੱਜ ਚੌਥੇ ਦਿਨ ਵੀ ਸਰਕਾਰੀ ਵਿਭਾਗਾਂ ਦਾ ਕੰਮ ਠੱਪ ਰਿਹਾ| ਹੜਤਾਲੀ ਮੁਲਾਜ਼ਮਾਂ ਨੇ ਆਪਣੇ ਕੰਮ ਬੰਦ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਰੈਲੀ ਅਤੇ ਨਾਅਰੇਬਾਜ਼ੀ ਕੀਤੀ| ਮੁਲਾਜ਼ਮਾਂ ਨੇ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਧਾਰੀ ਚੁੱਪ ਦੀ ਨਿਖੇਧੀ ਕੀਤੀ ਅਤੇ ਸਰਕਾਰ ਦੀ ਅਰਥੀ ਸਾੜਦਿਆਂ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਤੀਲਾ ਤੀਲਾ ਕਰਕੇ ਸਾੜਿਆ| ਆਗੂਆਂ ਨੇ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਕੋਰਾ ਝੂਠ ਕਰਾਰ ਦਿੱਤਾ| ਦੂਜੇ ਪਾਸੇ ਇਸ ਹੜਤਾਲ ਕਰਕੇ ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ, ਐੱਸਡੀਐੱਮ, ਤਹਿਸੀਲ ਆਦਿ ਤੋਂ ਇਲਾਵਾ ਹੋਰਨਾਂ ਸਾਰੇ ਦਫਤਰਾਂ ਦਾ ਕੰਮਕਾਜ ਠੱਪ ਪਿਆ ਹੈ ਅਤੇ ਲੋਕਾਂ ਨੂੰ ਖੁਆਰ ਹੋਣ ਪੈ ਰਿਹਾ ਹੈ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੰਧੂ, ਜਨਰਲ ਸਕੱਤਰ ਅੰਗਰੇਜ ਸਿੰਘ ਰੰਧਾਵਾ, ਕਰਵਿੰਦਰ ਸਿੰਘ ਚੀਮਾ, ਸ਼ਿਵਕਰਨ ਸਿੰਘ ਚੀਮਾ, ਤਰਸੇਮ ਸਿੰਘ ਆਦਿ ਨੇ ਸੰਬੋਧਨ ਕੀਤਾ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਜਥੇਬੰਦੀ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਸੋਧ ਕੇ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਬਣਦੀਆਂ ਕਿਸ਼ਤਾਂ ਦੇਣ ਆਦਿ ਦੀ ਮੰਗ ਕਰਦੀ ਹੈ| ਬੁਲਾਰਿਆਂ ਨੇ ਦਫ਼ਤਰ ਦੇ ਕਿਸੇ ਮੁਲਾਜ਼ਮਾਂ ਵਲੋਂ ਹੜਤਾਲ ਵਿੱਚ ਸ਼ਾਮਲ ਨਾ ਹੋਣ ’ਤੇ ਉਸ ਖ਼ਿਲਾਫ਼ ਵੀ ਨਾਅਰੇਬਾਜ਼ੀ ਕਰਨ ਦੀ ਚਿਤਾਵਨੀ ਦਿੱਤੀ ਹੈ|