ਪੱਤਰ ਪ੍ਰੇਰਕ
ਚੇਤਨਪੁਰਾ, 24 ਅਗਸਤ
ਸ਼੍ਰੋਮਣੀ ਅਕਾਲੀ ਦਲ (ਅ) ਹਲਕਾ ਮਜੀਠਾ ਦੇ ਪ੍ਰਧਾਨ ਭਾਈ ਕੁਲਵੰਤ ਸਿੰਘ ਕੋਟਲਾ ਗੁੱਜਰਾਂ ਦੀ ਅਗਵਾਈ ਹੇਠ ਇਲਾਕੇ ਦੇ ਮੋਹਤਬਰ ਵਿਅਕਤੀਆਂ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਤੇ ਬਹਬਿਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦਿਵਾਉਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਰੋਸ ਮੁਜ਼ਾਹਰਾ ਵੀ ਕੀਤਾ। ਭਾਈ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਨਸ਼ਿਆਂ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਰੇਤ ਅਤੇ ਸ਼ਰਾਬ ਮਾਫੀਏ ਨੂੰ ਵੀ ਨੱਥ ਪਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੱਸਿਆ ਕਿ 15 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਨੇੜੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ਾਲ ਪੰਥਕ ਇਕੱਠ ਹੋਵੇਗਾ, ਜਿਸ ਵਿਚ ਪੰਥ ਦੇ ਦਰਦੀਆਂ ਅਤੇ ਵੱਖ ਵੱਖ ਸਿੱਖ ਸੰਪਰਦਾਵਾਂ ਦੇ ਮੁਖੀਆਂ ਨਾਲ ਪੰਥ ਨੂੰ ਦਰਪੇਸ਼ ਸਮੱਸਿਆਵਾਂ ਦਾ ਸਾਹਮਣਾ ਕਰਨ ਲਈ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਸ ਮੌਕੇ ਸੁਖਵੰਤ ਸਿੰਘ ਭੁੱਲਰ, ਇੰਦਰਜੀਤ ਸਿੰਘ ਡਰਾਈਵਰ, ਪਵਨਦੀਪ ਸਿੰਘ ਰਾਣਾ, ਪਲਵਿੰਦਰ ਸਿੰਘ ਬਿੱਟੂ ਯੂ ਐਸ ਏ, ਪ੍ਰਿਤਪਾਲ ਸਿੰਘ ਭੁੱਲਰ, ਬਿੱਟੂ ਡਰਾਈਵਰ, ਗੁਰਮੀਤ ਸਿੰਘ ਮੀਤੂ, ਗੁਰਚਰਨ ਸਿੰਘ ਡਰਾਈਵਰ, ਜਗਦੀਪ ਸਿੰਘ ਆਦਿ ਹਾਜ਼ਰ ਸਨ।