ਜਤਿੰਦਰ ਬੈਂਸ
ਗੁਰਦਾਸਪੁਰ,10 ਜੁਲਾਈ
ਇਥੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਦੇ ਘਰ ਪੁਲੀਸ ਵੱਲੋਂ ਕੀਤੀ ਛਾਪੇਮਾਰੀ ਦੇ ਖ਼ਿਲਾਫ਼ ਸਥਾਨਕ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿੱਚ ਇੱਕਠੇ ਹੋਏ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਕਾਰਕੁਨਾਂ ਨੇ ਪੁਲੀਸ ਕਾਰਵਾਈ ਦੀ ਨਿਖੇਧੀ ਕੀਤੀ। ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ਰਾਣਾ ਨੇ ਕਿਹਾ ਕਿ ਬੀਤੇ ਦਿਨ ਨਵਾਂਸ਼ਹਿਰ ਪੁਲੀਸ ਵੱਲੋਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਉੱਪਰ ਝੂਠਾ ਮੁਕੱਦਮਾ ਦਰਜ ਕਰਕੇ ਘਰ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੁਲੀਸ ਦੀ ਇਹ ਕਾਰਵਾਈ ਅਸਲ ਵਿੱਚ ਲੋਕ ਸੰਘਰਸ਼ਾਂ ਨੂੰ ਦਬਾਉਣ ਲਈ ਕੀਤੀ ਗਈ ਹੈ।
ਨਵਤੇਜ ਗੱਗੂ ਦੀ ਗ੍ਰਿਫ਼ਤਾਰੀ ਦੀ ਨਿੰਦਾ
ਸ੍ਰੀ ਹਰਗੋਬਿੰਦਪੁਰ(ਗੁਰਭੇਜ ਸਿੰਘ ਰਾਣਾ): ਵਾਲਮੀਕਿ ਮਜ਼੍ਹਬੀ ਸਿੱਖ ਮੋਰਚੇ ਦੀ ਮੀਟਿੰਗ ਸਰਕਲ ਪ੍ਰਧਾਨ ਰਣਜੀਤ ਸਿੰਘ ਦਕੋਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਨਵਤੇਜ ਸਿੰਘ ਗੱਗੂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੇ ਸਟਾਫ ਨਾਲ ਕੀਤੀ ਧੱਕੇਸ਼ਾਹੀ ਅਤੇ ਦਰਜ ਕੀਤੇ ਝੂਠੇ ਮੁਕੱਦਮੇ ਦੀ ਨਿੰਦਾ ਕੀਤੀ ਗਈ। ਇਸ ਮੌਕੇ ਗੁਰਨਾਮ ਸਿੰਘ ਗਿੱਲ ਦਕੋਹਾ ਨੇ ਕਿਹਾ ਕਿ ਨਵਤੇਜ ਸਿੰਘ ਗੱਗੂ ਵੱਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਲੋੜਵੰਦ ਲੋਕਾਂ ਦਾ ਫਰੀ ਇਲਾਜ ਕਰਵਾ ਰਹੀ ਹੈ ਪਰ ਪੁਲੀਸ ਵੱਲੋਂ ਹਸਪਤਾਲ ਦੇ ਅੰਦਰ ਵੜ ਕੇ ਸਟਾਫ ਨਾਲ ਕੀਤਾ ਘਟੀਆ ਵਤੀਰਾ ਬੇਹੱਦ ਸ਼ਰਮਨਾਕ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਪੁਲੀਸ ਨੇ ਧੱਕੇਸ਼ਾਹੀ ਬੰਦ ਨਾ ਕੀਤੀ ਅਤੇ ਨਵਤੇਜ ਸਿੰਘ ਗੱਗੂ ਨੂੰ ਰਿਹਾਅ ਨਾ ਕੀਤਾ ਤਾਂ ਜਥੇਬੰਦੀ ਨਾਲ ਰਲਕੇ ਐੱਸਐੱਸਪੀ ਦਫ਼ਤਰ ਬਟਾਲਾ ਦਾ ਘਿਰਾਓ ਕੀਤਾ ਜਾਵੇਗਾ।