ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 23 ਅਕਤੂਬਰ
ਅੱਜ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਸਫਾਈ ਨੂੰ ਨਿਯਮਬੱਧ ਬਣਾਉਣ ਲਈ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਤੇ ਕਰੋੜਾਂ ਰੁਪਏ ਦੀ ਮਸ਼ੀਨਰੀ ਅੰਦਰੂਨ ਸ਼ਹਿਰ ਦੀਆਂ ਸੜਕਾਂ ’ਤੇ ਗਲੀਆਂ ਵਿਚ ਉਤਾਰੀ ਗਈ। ਇਸ ਮੌਕੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਸ ਮਸ਼ੀਨਰੀ ਨੂੰ ਅੰਦਰੂਨ ਸ਼ਹਿਰ ਦੀਆਂ ਸੜਕਾਂ ’ਤੇ ਉਤਾਰਨ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਉਨ੍ਹਾਂ ਨਗਰ ਨਿਗਮ ਵੱਲੋਂ ਸ਼ਹਿਰ ਦੀ ਸਫਾਈ ਪ੍ਰਬੰਧਾਂ ਨੂੰ ਨਿਯਮਬੱਧ ਕਰਨ ਲਈ ਪ੍ਰਸੰਸਾ ਕੀਤੀ। ਸ੍ਰੀ ਸੋਨੀ ਨੇ ਕਿਹਾ ਕਿ ਅੱਜ 6 ਕਰੋੜ ਰੁਪਏ ਦੀ ਲਾਗਤ ਨਾਲ 49 ਗੱਡੀਆਂ ਨੂੰ ਸ਼ਹਿਰੀ ਸਾਫ਼ ਸਫ਼ਾਈ ਦੇ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗੱਡੀਆਂ ਸ਼ਹਿਰ ਦੇ ਅੰਦਰੂਨੀ ਹਿੱਸੇ ਦੇ 12 ਵਾਰਡਾਂ ਦੀ ਸਫਾਈ ਲਈ ਜ਼ਿੰਮੇਵਾਰੀ ਨਿਭਾਉਣਗੀਆਂ। ਉਨ੍ਹਾਂ ਦੱਸਿਆ ਕਿ ਅੰਦਰੂਨੀ ਸ਼ਹਿਰ ਵਿੱਚ ਤੰਗ ਗਲੀਆਂ ਤੇ ਭੀੜੇ ਬਾਜ਼ਾਰਾਂ ਵਿੱੱਚ ਇਹ ਗੱਡੀਆਂ ਸੌਖੇ ਢੰਗ ਨਾਲ ਜਾ ਕੇ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣਗੀਆਂ। ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸ਼ਹਿਰ ਵਾਸੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਨਗਰ ਨਿਗਮ ਆਪਣੇ ਤੌਰ ’ਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਰਿਹਾ ਹੈ।
ਡੇਂਗੂ ਰੋਕਣ ਲਈ ਪੰਜਾਬ ਸਰਕਾਰ ਪੂਰੀ ਮੁਸਤੈਦ:ਸੋਨੀ
ਸ੍ਰੀ ਸੋਨੀ ਨੇ ਡੇਂਗੂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਡੇਂਗੂ ਦੇ ਡੰਗ ਨੂੰ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਨਾਲ ਨਿਪਟਣ ਲਈ ਵੱਖ-ਵੱਖ ਵਾਰਡ ਬਣਾਏ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਕਿਸੇ ਪ੍ਰਾਈਵੇਟ ਹਸਪਤਾਲ ਵਲੋਂ ਜੇ ਡੇਂਗੂ ਦੇ ਮਰੀਜ਼ਾਂ ਕੋਲੋਂ ਵੱਧ ਰਾਸ਼ੀ ਵਸੂਲਣ ਸਬੰਧੀ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।