Special Financial Package: ਔਜਲਾ ਨੇ ਸੀਤਾਰਾਮਨ ਨਾਲ ਮੁਲਾਕਾਤ ਕੀਤੀ
ਲੋਕ ਸਭਾ ਮੈਂਬਰ ਨੇ ਕੇਂਦਰੀ ਵਿੱਤ ਮੰਤਰੀ ਤੋਂ ਅੰਮ੍ਰਿਤਸਰ ਦੇ ਬਾਰਡਰ ਬੈਲਟ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ
ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਆਰਥਿਕ ਵਿਕਾਸ ਅਤੇ ਵਪਾਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਅੰਮ੍ਰਿਤਸਰ ਦੇ ਬਾਰਡਰ ਬੈਲਟ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੂੰ ਪੱਤਰ ਸੌਂਪਿਆ। ਔਜਲਾ ਨੇ ਕਿਹਾ ਕਿ ਅਟਾਰੀ, ਅਜਨਾਲਾ, ਰਮਦਾਸ ਅਤੇ ਆਸ-ਪਾਸ ਦੇ ਸਰਹੱਦੀ ਖੇਤਰ ਲੰਬੇ ਸਮੇਂ ਤੋਂ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਭਾਰਤ-ਪਾਕਿਸਤਾਨ ਦਰਮਿਆਨ ਬਾਰਡਰ ਟਰੇਡ ਬੰਦ ਹੋਣ ਦਾ ਸਭ ਤੋਂ ਵੱਧ ਅਸਰ ਟਰਾਂਸਪੋਰਟਰਾਂ, ਕਲੀਅਰਿੰਗ ਏਜੰਟਾਂ, ਮਜ਼ਦੂਰਾਂ, ਵਪਾਰੀਆਂ, ਵੇਅਰਹਾਊਸਾਂ ਅਤੇ ਸਰਹੱਦੀ ਵਪਾਰ ਨਾਲ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੁੜੇ ਹਜ਼ਾਰਾਂ ਪਰਿਵਾਰਾਂ ’ਤੇ ਪਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਉਦਯੋਗਿਕ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵੀ ਲੋੜੀਂਦੇ ਪੱਧਰ ’ਤੇ ਨਹੀਂ ਹਨ, ਜਿਸ ਕਾਰਨ ਉਦਯੋਗ ਅਤੇ ਨਿਵੇਸ਼ ਗੁਆਂਢੀ ਸੂਬਿਆਂ ਵੱਲ ਜਾ ਰਹੇ ਹਨ। ਸਰਹੱਦੀ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਨੌਜਵਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
ਸੰਸਦ ਮੈਂਬਰ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਅਜਨਾਲਾ ਅਤੇ ਹੋਰ ਖੇਤਰ ਸਮੇਤ ਬਾਰਡਰ ਬੈਲਟ ਨੂੰ ਵਾਰ-ਵਾਰ ਹੜ੍ਹਾਂ ਅਤੇ ਖਰਾਬ ਮੌਸਮ ਦਾ ਸਾਹਮਣਾ ਕਰਨਾ ਪੈਂਦਾ ਹੈ। ਔਜਲਾ ਨੇ ਕੇਂਦਰ ਸਰਕਾਰ ਤੋਂ ਬਹੁ-ਸਾਲਾ ਵਿਸ਼ੇਸ਼ ਵਿੱਤੀ ਪੈਕੇਜ ਮਨਜ਼ੂਰ ਕਰਨ ਦੀ ਮੰਗ ਕੀਤੀ। ਸੰਸਦ ਮੈਂਬਰ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ’ਤੇ ਵਸਦੇ ਲੋਕਾਂ ਨੇ ਦੇਸ਼ ਦੀ ਸੁਰੱਖਿਆ ਅਤੇ ਸਰਹੱਦਾਂ ਦੀ ਜ਼ਿੰਮੇਵਾਰੀ ਨਿਭਾਈ ਹੈ। ਇਸ ਲਈ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਆਰਥਿਕ ਅਤੇ ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੇਂਬੱਧ ਅਤੇ ਢੁਕਵਾਂ ਵਿਸ਼ੇਸ਼ ਵਿੱਤੀ ਪੈਕੇਜ ਦੇਣਾ ਚਾਹੀਦਾ ਹੈ।

