ਨਸ਼ੇ ਵਿਰੁੱਧ ਮੁਹਿੰਮ ਤਹਿਤ ਡਾਕਟਰਾਂ ਨੂੰ ਵਿਸ਼ੇਸ਼ ਸਿਖਲਾਈ
ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਜਨਰਲ ਡਿਊਟੀ ਡਾਕਟਰਾਂ ਨੂੰ ਨਸ਼ੇ ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਵਿਸ਼ੇਸ਼ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਗਈ। ਅੱਜ ਇਨ੍ਹਾਂ ਡਾਕਟਰਾਂ ਦਾ ਪਹਿਲਾ ਬੈਚ ਅੰਮ੍ਰਿਤਸਰ ਵਿੱਚ ਸਿੱਖਿਅਤ ਹੋਇਆ ਜਿਸ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਰਟੀਫਿਕੇਟ ਦਿੱਤੇ।
ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਜ਼ਿੰਮੇਵਾਰੀ ਇਸ ਨਸ਼ੇ ਰੂਪੀ ਕੋਹੜ ਨੂੰ ਪੰਜਾਬ ਤੋਂ ਦੂਰ ਕਰਨ ਦੀ ਬਣਦੀ ਹੈ ਜਿਸ ਵਿੱਚ ਡਾਕਟਰਾਂ ਦੇ ਵੱਡੇ ਸਾਥ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਆਪਣੇ ਡਾਕਟਰਾਂ ਨੂੰ ਏਮਜ਼ ਤੋਂ ਇਸ ਕੰਮ ਲਈ ਸਿੱਖਿਆ ਦਿਵਾ ਕੇ ਮਾਸਟਰ ਟਰੇਨਰ ਬਣਾਇਆ ਅਤੇ ਹੁਣ ਉਨ੍ਹਾਂ ਟਰੇਨਰਾਂ ਵੱਲੋਂ ਡਾਕਟਰਾਂ ਤੇ ਹੋਰ ਪੈਰਾਮੈਡੀਕਲ ਸਟਾਫ ਨੂੰ ਇਸ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਇਲਾਜ ਕਰਵਾਉਣ ਲਈ ਵੀ ਲੋਕ ਅੱਗੇ ਆਉਣ ਲੱਗੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਂਢ-ਗਵਾਂਢ ਜਾਂ ਪਿੰਡ ਸ਼ਹਿਰ ਵਿੱਚੋਂ ਘੱਟੋ ਘੱਟ ਇੱਕ ਬੰਦੇ ਨੂੰ ਨਸ਼ਾ ਛਡਾਉਣ ਵਿੱਚ ਜ਼ਰੂਰ ਮਦਦ ਕਰਨ ਅਤੇ ਉਸ ਨੂੰ ਨਵੀਂ ਜ਼ਿੰਦਗੀ ਦੇਣ।
ਉਹਨਾਂ ਨੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਸਮਾਜ ਨੂੰ ਬਿਹਤਰ ਬਨਾਉਣ ਵਾਸਤੇ ਰੋਜ਼ਾਨਾ ਆਪਣੇ ਸਮੇਂ ਵਿੱਚੋਂ ਕੁਝ ਸਮਾਂ ਜ਼ਰੂਰ ਦੇਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬਰਸਾਤ ਦੇ ਸੀਜ਼ਨ ਦੌਰਾਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਈ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।
ਜਲੰਧਰ (ਹਤਿੰਦਰ ਮਹਿਤਾ): ਸੂਬਾ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾਕਟਰਾਂ, ਪੈਰਾਮੈਡਿਕਸ ਅਤੇ ਨਰਸਿੰਗ ਵਿਦਿਆਰਥੀਆਂ ਸਮੇਤ ਸਮੁੱਚੇ ਮੈਡੀਕਲ ਪੇਸ਼ੇਵਰਾਂ ਨੂੰ ਨਸ਼ਾ ਮੁਕਤ ਪੰਜਾਬ ਦੇ ਸੁਫਨੇ ਨੂੰ ਅਮਲੀ ਰੂਪ ਦੇਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਹ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) ਵਿਖੇ ਮੈਡੀਕਲ ਅਫ਼ਸਰਾਂ ਲਈ ‘ਮੈਨੇਜਮੈਂਟ ਆਫ ਸਬਸਟਾਂਸ ਯੂਜ਼ ਡਿਸਆਰਡਰ’ ਬਾਰੇ ਪਹਿਲੀ ਵਾਰ ਕਰਵਾਈ ਸਿਖ਼ਲਾਈ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਮੈਡੀਕਲ ਪੇਸ਼ੇਵਰਾਂ ਨੂੰ ਅਪੀਲ ਕੀਤੀ ਕਿ ਉਹ ਇਕ-ਇਕ ਨਸ਼ਾ ਪ੍ਰਭਾਵਿਤ ਵਿਅਕਤੀ ਨੂੰ ਅਡਾਪਟ ਕਰਨ, ਤਾਂ ਜੋ ਉਨ੍ਹਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ‘ਨਸ਼ਾ ਮੁਕਤ- ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਇਸ ਸਿਖ਼ਲਾਈ ਨੂੰ ਅਗਾਂਹਵਧੂ ਪਹਿਲ ਕਰਾਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਏਮਜ਼ ਵੱਲੋਂ ਤਿਆਰ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਸੋਧਿਆ ਇਹ ਪ੍ਰੋਗਰਾਮ ਸਾਰੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਦਾ ਹਿੱਸਾ ਹੈ, ਜੋ ਡਾਕਟਰੀ ਪੇਸ਼ੇਵਰਾਂ ਨੂੰ ਇਸ ਸਮੱਸਿਆ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਸਸ਼ਕਤ ਬਣਾਉਂਦਾ ਹੈ।