ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ, 7 ਅਪਰੈਲ
ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਖੰਨਾ ਚਮਾਰਾ ਦੀ 19 ਸਾਲਾਂ ਦੀ ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਕਥਿਤ ਤੌਰ ’ਤੇ ਤੰਗ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਲੜਕੀ ਦੀ ਮਾਤਾ ਮਨਦੀਪ ਕੌਰ ਨੇ ਦੱਸਿਆ ਕਿ ਉਸ ਦੀ ਬੇਟੀ ਹਰਪ੍ਰੀਤ ਕੌਰ ਉਰਫ਼ ਜਸ਼ਨ ਦਾ ਵਿਆਹ ਪਿਛਲੇ ਸਾਲ 6 ਜੂਨ ਨੂੰ ਬਲਜਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਅਵਾਨ ਜ਼ਿਲ੍ਹਾ ਅੰਮ੍ਰਿਤਸਰ ਨਾਲ ਹੋਇਆ ਸੀ| ਉਨ੍ਹਾਂ ਕਿਹਾ ਕਿ ਵਿਆਹ ਤੋਂ ਬਾਅਦ ਹੀ ਲੜਕੀ ਨੂੰ ਦਾਜ ਲਿਆਉਣ ਲਈ ਸਹੁਰਾ ਪਰਿਵਾਰ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਕਈ ਵਾਰ ਸਹੁਰਾ ਪਰਿਵਾਰ ਨਵਾਂ ਮਕਾਨ ਬਣਾਉਣ ਦੇ ਨਾਂ ’ਤੇ ਹਰਪ੍ਰੀਤ ਨੂੰ ਤੰਗ ਕਰਦਾ ਸੀ ਅਤੇ ਸਾਡੇ ਕੋਲੋਂ ਪੈਸਿਆਂ ਦੀ ਮੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਬੀਤੀ 4 ਅਪਰੈਲ ਨੂੰ ਰਾਤ 11 ਵਜੇ ਦੇ ਕਰੀਬ ਹਰਪ੍ਰੀਤ ਦੀ ਨਨਾਣ ਦਾ ਫੋਨ ਆਇਆ ਕਿ ਹਰਪ੍ਰੀਤ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਹੈ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਹਰਪ੍ਰੀਤ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਹਰਪ੍ਰੀਤ ਦੇ ਪਤੀ, ਸੱਸ, ਸਹੁਰਾ ਅਤੇ ਨਨਾਣ ਖ਼ਿਲਾਫ਼ ਧਾਰਾ 304-ਬੀ ਤਹਿਤ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।