ਸੁਖਬੀਰ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਚਰਚਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੇ ਗ੍ਰਹਿ ਅਰਬਨ ਅਸਟੇਟ ਬਟਾਲਾ ਪਹੁੰਚੇ। ਇਸ ਮੌਕੇ ’ਤੇ ਕੈਪਟਨ ਬਾਠ ਨੇ ਉਨ੍ਹਾਂ ਨੂੰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ’ਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਸਿਆਸੀ ਸਰਗਰਮੀਆਂ ਤੇਜ਼ ਕਰਨ ਲਈ ਕਿਹਾ। ਸਾਬਕਾ ਮੰਤਰੀ ਕੈਪਟਨ ਬਾਠ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਬਾਦਲ ਦੀ ਆਮਦ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਸਰਹੱਦੀ ਜ਼ਿਲ੍ਹੇ ਅੰਦਰ ਮਜਬੂਤ ਕਰਨ ਅਤੇ ਆਪਸੀ ਖਿੱਚੋਤਾਣ ਖਤਮ ਕਰਨ ਲਈ ਵਿਚਾਰਾਂ ਹੋਈਆ। ਇਸ ਮੌਕੇ ਸਾਬਕਾ ਮੰਤਰੀ ਡਾ ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ, ਪੰਜਾਬ ਐਗਰੋਂ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਸੁਖਬੀਰ ਸਿੰਘ ਵਾਹਲਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਆਦਿ ਹਾਜ਼ਰ ਸਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੌਸ਼ਹਿਰਾ ਮੱਝਾ ਸਿੰਘ, ਡੇਰਾ ਬਾਬਾ ਨਾਨਕ ਸਮੇਤ ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਗਏ। ਇਸ ਦੌਰਾਨ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕੀਤੇ ਹੁੰਦੇ ਤਾਂ ਲੋਕਾਂ ਨੂੰ ਇਹ ਦਿਨ ਨਾ ਦੇਖਣੇ ਪੈਂਦੇ।