ਸੁਖਬੀਰ ਵੱਲੋਂ ਐੱਸ ਐੱਸ ਪੀ ਖ਼ਿਲਾਫ਼ ਸ਼ਿਕਾਇਤ
ਪੁਲੀਸ ਅਧਿਕਾਰੀਆਂ ’ਤੇ ਅਹੁਦਿਆਂ ਦੀ ਦੁਰਵਰਤੋਂ ਕਰਨ ਦੇ ਦੋਸ਼; ਸੂਬੇ ਵਿੱਚ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਅੱਜ ਚੋਣ ਆਬਜ਼ਰਵਰਾਂ ਨਾਲ ਮੁਲਾਕਾਤ ਕਰਕੇ ਐੱਸ ਐੱਸ ਪੀ ਡਾ. ਰਵਜੋਤ ਕੌਰ ਗਰੇਵਾਲ ਖ਼ਿਲਾਫ਼ ਮੰਗ ਪੱਤਰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਐੱਸ ਐੱਸ ਪੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਦੀ ਮੰਗ ਕੀਤੀ।
ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਐੱਸ ਐੱਸ ਪੀ ਦੇ ਨਾਲ-ਨਾਲ ਐੱਸ ਪੀ (ਡਿਟੈਕਟਿਵ) ਰਿਪੂਤਪਨ ਸਿੰਘ ਅਤੇ ਸੀ ਆਈ ਏ ਇੰਚਾਰਜ ਪ੍ਰਭਜੀਤ ਸਿੰਘ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਅਕਾਲੀ ਵਰਕਰਾਂ ਦੇ ਘਰਾਂ ’ਤੇ ਗੈਰ-ਕਾਨੂੰਨੀ ਢੰਗ ਨਾਲ ਛਾਪੇ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ-14 ਦੇ ਅਕਾਲੀ ਕੌਂਸਲਰ ਸ਼ਾਮ ਸਿੰਘ, ਸਰਪੰਚ ਵਰਿੰਦਰ ਸਿੰਘ ਅਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ। ਉਨ੍ਹਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਜੇ ਉਨ੍ਹਾਂ ਨੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਹਮਾਇਤ ਨਾ ਕੀਤੀ ਤਾਂ ਉਨ੍ਹਾਂ ਖਿਲਾਫ਼ ਝੂਠੇ ਕੇਸ ਦਰਜ ਕਰ ਦਿੱਤੇ ਜਾਣਗੇ। ਸੁਖਬੀਰ ਬਾਦਲ ਨੇ ਇਸ ਨੂੰ ਲੋਕਤੰਤਰ ਦਾ ਘਾਣ ਕਰਾਰ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਚੋਣ ਕਮਿਸ਼ਨ ਨੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਼ ਸੰਘਰਸ਼ ਕਰੇਗਾ।

