ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 30 ਅਕਤੂਬਰ
ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਉੱਤੇ ਵੀ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਫ਼ੈਸਲੇ ਦੇ ਵਿਰੋਧ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਕਾਹਨੂੰਵਾਨ ਦੀ ਇਕਾਈ ਵੱਲੋਂ ਇਸ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਕਾਹਨੂੰਵਾਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਰੋੜਾਂਵਾਲੀ ਪੰਜਾਬ ਸਰਵਿਸ ਫੈਡਰੇਸ਼ਨ ਦੇ ਪ੍ਰਧਾਨ ਉੱਤਮ ਸਿੰਘ ਮਨਹਾਸ ਨੇ ਦੱਸਿਆ ਕਿ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਨਾਲ ਨਵੀਆਂ ਭਰਤੀਆਂ ਅਤੇ ਪੁਰਾਣੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਵੱਡਾ ਪਾੜਾ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਖੇਤੀ ਕਾਨੂੰਨਾਂ ’ਤੇ ਕੇਂਦਰ ਸਰਕਾਰ ਨੂੰ ਭੰਡ ਰਹੀ ਹੈ ਅਤੇ ਦੂਸਰੇ ਪਾਸੇ ਮੁਲਾਜ਼ਮ ਵਰਗ ਉੱਤੇ ਕੇਂਦਰੀ ਸਕੇਲ ਲਾਗੂ ਕਰ ਰਹੀ ਹੈ ਜੋ ਮੁਲਾਜ਼ਮਾਂ ਨਾਲ ਵੱਡੀ ਬੇਇਨਸਾਫੀ ਹੈ।
ਗੁਰਦਾਸਪੁਰ (ਜਤਿੰਦਰ ਬੈਂਸ): ਪੰਜਾਬ ਅੰਦਰ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ’ਤੇ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਸਥਾਨਕ ਗੁਰੂ ਨਾਨਕ ਪਾਰਕ ਵਿੱਚ ਇੱਕਠੇ ਹੋ ਕੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਜ਼ਾਹਿਰ ਕੀਤਾ ਗਿਆ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਅਨਿਲ ਕੁਮਾਰ ਅਤੇ ਕੁਲਵੰਤ ਸਿੰਘ ਨੇ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਫੈਸਲੇ ਨਾਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਦੇ ਇਸ ਫੈਸਲੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਅੱਡਾ ਨੜਾਂਵਾਲੀ ਵਿੱਚ ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਬਲਾਕ ਕਲਾਨੌਰ ਦੇ ਆਗੂਆਂ ਵੱਲੋਂ ਜ਼ਿਲ੍ਹਾ ਆਗੂ ਸੁਭਾਸ਼ ਚੰਦਰ ਤੇ ਦਿਲਦਾਰ ਭੰਡਾਲ ਦੀ ਅਗਵਾਈ ਵਿੱਚ ਕੇਂਦਰ ਦੇ ਪੇਅ ਸਕੇਲ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਅਧਿਆਪਕ ਆਗੂਆਂ ਸੁਭਾਸ਼ ਚੰਦਰ ਤੇ ਦਿਲਦਾਰ ਭੰਡਾਲ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਹੁਣ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ ਨਵੇਂ ਅਧਿਆਪਕਾਂ ਉੱਪਰ ਪੰਜਾਬ ਦਾ ਪੇਅ ਕਮਿਸ਼ਨ ਲਾਗੂ ਕਰਨ ਦੀ ਥਾਂ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਫੈਸਲੇ ਕਾਰਨ ਪੰਜਾਬ ਭਰ ਦੇ ਅਧਿਆਪਕਾਂ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਆਗੂਆਂ ਨੇ ਕਿਹਾ ਕਿ ਇਸ ਧੱਕੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।