ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 27 ਜੁਲਾਈ
ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਾਕੇਸ਼ ਵਿਲੀਅਮ ਦੀ ਅਗਵਾਈ ਹੇਠ ਲੈਬ ਟੈਕਨੀਸ਼ੀਅਨਾਂ ਨੇ ਮੰਗਾਂ ਮਨਵਾਉਣ ਲਈ ਕਮਿਊਨਿਟੀ ਸਿਹਤ ਕੇਂਦਰ (ਸੀ.ਐੱਚ.ਸੀ) ਧਾਰੀਵਾਲ ਵਿੱਚ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਸੂਬਾ ਪ੍ਰਧਾਨ ਰਾਕੇਸ਼ ਵਿਲੀਅਮ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਲੈਬਾਰਟਰੀਆਂ ਨੂੰ ਪ੍ਰਾਈਵੇਟ ਹੱਥਾਂ ਦੇ ਫੈਸਲੇ ਦਾ ਐਸੋਸ਼ੀਏਸਨ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇ ਲੈਬਾਰਟਰੀਆਂ ਪ੍ਰਾਈਵੇਟ ਹੱਥਾਂ ਵਿੱਚ ਜਾਂਦੀਆਂ ਹਨ ਤਾਂ ਭਵਿੱਖ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲ ਵੀ ਪ੍ਰਾਈਵੇਟ ਹੱਥਾਂ ਵਿੱਚ ਚੱਲੇ ਜਾਣਗੇ। ਉਨ੍ਹਾਂ ਕਿਹਾ ਜੇ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਮੰਗ ਕੀਤੀ ਕਿ ਮੈਡੀਕਲ ਲੈਬ ਤਕਨੀਸ਼ਨਾਂ ਦਾ ਪ੍ਰੋਬੇਸ਼ਨਲ ਪੀਰੀਅਡ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕੀਤਾ ਜਾਵੇ ਅਤੇ ਇਸ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ, ਕੱਚੇ ਲੈਬ ਟੈਕਨੀਸ਼ੀਅਨਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ, ਮੈਡੀਕਲ ਲੈਬ ਟੈਕਨੀਸ਼ੀਅਨ ਦੇ ਅਹੁਦੇ ਦਾ ਨਾਮ ਬਦਲ ਕੇ ਟੈਕਨੀਕਲ ਅਫਸਰ ਰੱਖਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਤੇ ਮਹਿੰਗਾਈ ਭੱਤਾ ਕੇਂਦਰ ਸਰਕਾਰ ਦੀ ਤਰਜ਼ ’ਤੇ ਦਿੱਤਾ ਜਾਵੇ। ਰੋਸ ਪ੍ਰਦਰਸ਼ਨ ਵਿੱਚ ਸੂਬਾ ਡੈਲੀਗੇਟ ਸੁਰਿੰਦਰਪਾਲ ਜਫਰਵਾਲ, ਸਟੇਟ ਡੈਲੀਗੇਟ ਖਾਦਮ ਸੀਐੱਚਸੀ ਕੋਟ ਸੰਤੋਖ ਰਾਏ, ਹਰਵਿੰਦਰਜੀਤ ਕੌਰ, ਸੁਸ਼ੀਲ ਮਸੀਹ, ਅਸ਼ੋਕ ਕੁਮਾਰ, ਰਾਕੇਸ਼ ਕੁਮਾਰ,ਰਾਕੇਸ਼ ਅੰਜਮ ਸ੍ਰੀ ਹਰਗੋਬਿੰਦਪੁਰ, ਲਖਬੀਰ ਸਿੰਘ ਖੁੰਡੀ ਪੀਐਚਸੀ ਨੌਸ਼ਹਿਰਾ ਮੱਝਾ ਸਿੰਘ ਆਦਿ ਸਾਮਲ ਸਨ।