ਗੁਰਬਖਸ਼ਪੁਰੀ
ਤਰਨ ਤਾਰਨ, 21 ਜੂਨ
ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਗੈਰਪੰਥਕ ਅਤੇ ਅਪਵਿੱਤਰ ਆਖਣ ਖਿਲਾਫ਼ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਾਂਝੇ ਵਫਦ ਵਲੋਂ ਅੱਜ ਇਥੇ ਆਗੂਆਂ ਨੇ ਐੱਸਐੱਸਪੀ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਖਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ| ਅਕਾਲੀ ਦਲ ਦੇ ਆਗੂ ਇਕਬਾਲ ਸਿੰਘ ਸੰਧੂ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਸੁਖਦੇਵ ਸਿੰਘ ਚੌਹਾਨ ਦੀ ਅਗਵਾਈ ਵਿੱਚ ਪਾਰਟੀਆਂ ਦੇ ਵਰਕਰਾਂ ਮੰਗ ਪੱਤਰ ਦਿੱਤਾ|
ਸ੍ਰੀ ਗੋਇੰਦਵਾਲ ਸਾਹਿਬ (ਜਤਿੰਦਰ ਸਿੰਘ ਬਾਵਾ): ਕਾਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖਿਲਾਫ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਤੇ ਬਸਪਾ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਕੰਗ ਦੀ ਅਗਵਾਈ ਹੇਠ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੂੰ ਕਾਰਵਾਈ ਲਈ ਪੱਤਰ ਦਿੱਤਾ ਗਿਆ।
ਬਟਾਲਾ (ਹਰਜੀਤ ਸਿੰਘ ਪਰਮਾਰ): ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੇ ਆਗੂਆਂ ਨੇ ਅੱਜ ਸਾਂਝੇ ਤੌਰ ’ਤੇ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਆਗੂ ਹਰਦੀਪ ਸਿੰਘ ਪੁਰੀ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਸਬੰਧੀ ਐੱਸਪੀ ਹੈੱਡਕੁਆਟਰ ਗੁਰਪ੍ਰੀਤ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ ਤੇ ਬਸਪਾ ਦੇ ਪਲਵਿੰਦਰ ਸਿੰਘ ਸਣੇ ਕਈ ਆਗੂ ਮੌਜੂਦ ਸਨ।
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੇਠ ਸੱਤਪਾਲ ਮੱਲ ਅਤੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਬਲਵਿੰਦਰ ਕੁਮਾਰ ਨੇ ਦਲਿਤ ਸਮਾਜ ਵਿਰੁੱਧ ਗ਼ਲਤ ਟਿੱਪਣੀਆਂ ਕਰਨ ਦੇ ਰੋਸ ਵਜੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਲਈ ਡੀਐੱਸਪੀ ਕਰਤਾਰਪੁਰ ਨੂੰ ਮੰਗ ਪੱਤਰ ਦਿੱਤਾ।
ਪਠਾਨਕੋਟ (ਐਨ.ਪੀ.ਧਵਨ): ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਇੱਕ ਵਫਦ ਨੇ ਕ੍ਰਮਵਾਰ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸੁਰਿੰਦਰ ਸਿੰਘ, ਮਿੰਟੂ ਕਨਵਰ ਤੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਭਗਤ ਦੀ ਅਗਵਾਈ ਵਿੱਚ ਪੁਲੀਸ ਥਾਣਾ ਡਵੀਜ਼ਨ ਨੰਬਰ 1 ਦੇ ਮੁਖੀ ਰਾਹੀਂ ਐੱਸਐੱਸਪੀ ਪਠਾਨਕੋਟ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ।
ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਹਲਕਾ ਆਦਮਪੁਰ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਥਾਣਾ ਆਦਮਪੁਰ ਵਿੱਚ ਸੰਸਦ ਮੈਂਬਰ ਰਵਨੀਤ ਬਿੱਟੂ, ਕੇਂਦਰੀ ਮੰਤਰੀ ਹਰਦੀਪ ਪੂਰੀ ਤੇ ਰਾਜ ਸਭਾ ਮੈੈਂਬਰ ਸੁਖਦੇਵ ਸਿੰਘ ਢੀਂਡਸਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ। ਇਸ ਮੌਕੇ ਹਲਕਾ ਆਦਮਪੁਰ ਤੋਂ ਵਿਧਾਇਖ ਪਵਨ ਕੁਮਾਰ ਟੀਨੂੰ ਤੇ ਬਸਪਾ ਸੀਨੀਅਰ ਆਗੂ ਮਾਸਟਰ ਰਾਮ ਲੁਭਾਇਆ ਸਣੇ ਗੱਠਜੋੜ ਦੀ ਲੀਡਰਸ਼ਿਪ ਮੌਜੂਦ ਸੀ।
ਫਤਿਹਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਆਗੂਆਂ ਨੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਖਿਲਾਫ਼ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਐਸ.ਐੱਚ ਓ ਫਤਿਹਗੜ੍ਹ ਚੂੜੀਆਂ ਸੁਖਿਵੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ।
ਗੁਰਦਾਸਪੁਰ (ਕੇਪੀ ਸਿੰਘ): ਬਹੁਜਨ ਸਮਾਜ ਪਾਰਟੀ ਦੇ ਨੇਤਾਵਾਂ ਵੱਲੋਂ ਆਪਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਐੱਸਐੱਸਪੀ ਡਾ. ਨਾਨਕ ਸਿੰਘ ਨੂੰ ਸ਼ਿਕਾਇਤ ਪੱਤਰ ਸੌਂਪ ਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ । ਬਸਪਾ ਦੇ ਜ਼ਿਲ੍ਹਾ ਪ੍ਰਧਾਨ ਜੇਪੀ ਭਗਤ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਬਿੱਟੂ ਦੀ ਗ਼ਲਤ ਬਿਆਨਬਾਜ਼ੀ ਨੇ ਦਲਿਤ ਅਤੇ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਬਲਾਚੌਰ (ਗੁਰਦੇਵ ਸਿੰਘ ਗਹੂੰਣ): ਸ਼੍ਰੋਮਣੀ ਅਕਾਲੀ ਦਲ(ਬ) ਅਤੇ ਬਸਪਾ ਦੇ ਬਲਾਚੌਰ ਹਲਕੇ ਦੇ ਯੂਨਿਟਾਂ ਵੱਲੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਖ਼ਿਲਾਫ਼ ਡੀਐੱਸਪੀ ਬਲਾਚੌਰ ਰਾਹੀਂ ਐੱਸਐੱਸਪੀ ਸ਼ਹੀਦ ਭਗਤ ਸਿੰਘ ਨਗਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਵਫਦ ਵਿੱਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ(ਬ) ਦੇ ਆਗੂ ਚੌਧਰੀ ਬਿਮਲ ਕੁਮਾਰ ਸਿਆਣਾ, ਐਡਵੋਕੇਟ ਰਾਜਵਿੰਦਰ ਲੱਕੀ, ਬੀਬੀ ਸੁਨੀਤਾ ਕੁਮਾਰੀ ਸਨ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਨੂੰ ਲੈ ਕੇ ਇਤਰਾਜ਼ਯੋਗ ਬਿਆਨਬਾਜ਼ੀ ਕਰਨ ਦੇ ਰੋਸ ’ਚ ਬਸਪਾ ਅਕਾਲੀ ਦਲ ਦੇ ਵਰਕਰਾਂ ਵੱਲੋਂ ਪ੍ਰਭਾਤ ਚੌਕ ਵਿਚ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ, ਹਰਦੀਪ ਪੁਰੀ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਪੁਤਲੇ ਫੂਕੇ ਗਏ। ਇਸ ਮੌਕੇ ਬੋਲਦਿਆਂ ਬਸਪਾ ਆਗੂ ਮਹਿੰਦਰ ਕੌਰ ਜੋਸ਼, ਇੰਜ. ਮਹਿੰਦਰ ਸਿੰਘ ਸੰਧਰਾਂ, ਸਮਿੱਤਰ ਸਿੰਘ ਸੀਕਰੀ ਤੇ ਅਕਾਲੀ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਜਦੋਂ ਤੋਂ ਬਸਪਾ ਅਕਾਲੀ ਦਲ ਦਾ ਸਮਝੌਤਾ ਹੋਇਆ ਹੈ, ਉਦੋਂ ਤੋਂ ਹੀ ਕਾਂਗਰਸ ਅਤੇ ਭਾਜਪਾ ਵਲ਼ੋਂ ਬਸਪਾ ਖਾਸ ਕਰਕੇ ਦਲਿਤ ਵਰਗ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।