ਪੱਤਰ ਪ੍ਰੇਰਕ
ਪਠਾਨਕੋਟ, 13 ਸਤੰਬਰ
ਜ਼ਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਸਕੂਲਾਂ ਅੰਦਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਕਬੱਡੀ, ਖੋ-ਖੋ, ਫੁਟਬਾਲ, ਵਾਲੀਬਾਲ, ਬਾਸਕਟਬਾਲ, ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ। ਸਪੋਰਟਸ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਰਹੇ ਸਾਰੇ ਖਿਡਾਰੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇੰਨਾਂ ਖੇਡਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਿਭੂਤੀ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੋਹਿਤ ਸਿਆਲ ਵਿਸ਼ੇਸ਼ ਮਹਿਮਾਨਾਂ ਵੱਜੋਂ ਹਾਜ਼ਰ ਹੋਏ।
ਕਪੂਰਥਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਕਰਵਾਈ ਗਈ। ਉਦਘਾਟਨ ਕਰਨ ਉਪਰੰਤ ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ।
ਟਾਂਡਾ (ਪੱਤਰ ਪ੍ਰੇਰਕ): ਇਥੋਂ ਦੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਰਵਾਈ। ਇਹ ਮੁਕਾਬਲੇ 16 ਸਤੰਬਰ ਤਕ ਚੱਲਣਗੇ।
ਹਾਕੀ: ਦੁਆਬਾ ਖਾਲਸਾ ਸਕੂਲ ਦੀਆਂ ਕੁੜੀਆਂ ਜੇਤੂ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਸਥਾਨਕ ਬਲਟਨ ਪਾਰਕ ਵਿਚਲੇ ਸੁਰਜੀਤ ਹਾਕੀ ਸਟੇਡੀਅਮ ਵਿਚ ਜਲੰਧਰ ਜ਼ਿਲ੍ਹੇ ਦੇ ਹਾਕੀ ਦੇ ਅੰਡਰ-14 (14 ਸਾਲ ਤੋਂ ਘੱਟ ਉਮਰ) ਵਰਗ ਦੀਆਂ ਲੜਕੀਆਂ ਦੇ ਫਾਈਨਲ ਮੁਕਾਬਲੇ ਵਿੱਚ ਅੱਜ ਦੁਆਬਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਜੇਤੂ ਰਹੀ। ਉਸ ਨੇ ਸੁਰਜੀਤ ਹਾਕੀ ਅਕੈਡਮੀ ਨੂੰ ਰੌਚਕ ਮੁਕਾਬਲੇ ਵਿੱਚ 3-0 ਨਾਲ ਹਰਾਇਆ।