ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਅਗਸਤ
ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਨੇੜੇ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਾਹਨ ਸਟੈਂਡ ਦਾ ਕੰਮ ਰੋਕਣ ਦਾ ਵਿਵਾਦ ਖਤਮ ਹੋਣ ਤੋਂ ਤੁਰੰਤ ਬਾਅਦ ਅਜ ਇਸ ਥਾਂ ’ਤੇ ਬਣ ਰਹੀ ਬੇਸਮੈਂਟ ਦਾ ਲੈਂਟਰ ਪਾ ਦਿਤਾ ਗਿਆ ਹੈ। ਅਰਦਾਸ ਮਗਰੋਂ ਲੈਂਟਰ ਪਾਉਣ ਦੇ ਕੰਮ ਦੀ ਆਰੰਭਤਾ ਜੈਕਾਰਿਆਂ ਦੀ ਗੂੰਜ ਵਿਚ ਹੋਈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਜੋੜਾ ਘਰ ਅਤੇ ਵਹੀਕਲ ਸਟੈਂਡ ਦਾ ਨਿਰਮਾਣ ਸਮੇਂ ਦੀ ਲੋੜ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਕਾਰਸੇਵਾ ਦੌਰਾਨ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਕਾਰਸੇਵਾ ਵਿਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸਿੱਖ ਸਦਭਾਵਨਾ ਦਲ ਜਥੇਬੰਦੀ ਨੇ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਦਿਤੇ ਭਰੋਸੇ ਤੋਂ ਬਾਦ ਇਥੇ ਕੰਮ ਰੋਕਣ ਲਈ ਸ਼ੁਰੂ ਕੀਤਾ ਸੰਘਰਸ਼ ਵਾਪਸ ਲੈ ਲਿਆ ਸੀ ।