ਨਰਿੰਦਰ ਸਿੰਘ
ਭਿੱਖੀਵਿੰਡ, 30 ਸਤੰਬਰ
ਪਿੰਡ ਬਾਹਮਣੀਵਾਲਾ ਵਿੱਚ ਬੀਤੀ 3 ਸਤੰਬਰ ਨੂੰ ਖੇਤਾਂ ਵਿੱਚ ਕੰਮ ਕਰਦੇ ਕਿਸਾਨ ਸੁਰਜੀਤ ਸਿੰਘ ਉੱਪਰ ਕੁਝ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਕੇ ਉਸਨੂੰ ਜ਼ਖਮੀ ਕਰ ਦਿੱਤਾ ਸੀ ਜਦਕਿ ਉਸਦੇ ਲੜਕੇ ਕਰਨਬੀਰ ਸਿੰਘ ਕੁੱਟਮਾਰ ਵੀ ਕੀਤੀ ਗਈ ਸੀ। ਪੁਲੀਸ ਨੇ 17 ਦਿਨ ਬੀਤ ਜਾਣ ’ਤੇ ਮਾਮਲਾ ਦਰਜ ਕੀਤਾ ਅਤੇ ਇੱਕ ਮਹੀਨਾ ਬੀਤ ਜਾਣ ਬਾਅਦ ਵੀ ਮੁਲਜ਼ਮ ਪੁਲੀਸ ਦੀ ਪਕੜ ਤੋਂ ਬਾਹਰ ਹਨ। ਇਸ ਬਾਰੇ ਸੁਰਜੀਤ ਸਿੰਘ ਅਤੇ ਕਰਨਬੀਰ ਸਿੰਘ ਨੇ ਦੋਸ਼ ਲਾਇਆ ਕਿ ਮੁਲਜ਼ਮ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ ਜਿਸ ਕਾਰਨ ਉਹ ਡਰਦੇ ਮਾਰੇ ਆਪਣੇ ਖੇਤਾਂ ਵਿਚ ਨਹੀਂ ਜਾ ਰਹੇ ਅਤੇ ਉਨ੍ਹਾਂ ਦੀਆਂ ਸਬਜ਼ੀਆਂ ਦੀ ਫ਼ਸਲ ਸਮੇਤ ਹੋਰਨਾਂ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਕਹਿ ਰਹੀ ਹੈ ਕਿ ਉੱਕਤ ਮੁਲਜ਼ਮ ਘਰੋਂ ਭੱਜੇ ਹੋਏ ਹਨ ਜਦਕਿ ਇਹ ਮੁਲਜ਼ਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮਾਗਮ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੀਆਂ ਤਸਵੀਰਾਂ ਨੂੰ ਉਨ੍ਹਾਂ ਮੀਡੀਆ ਸਾਹਮਣੇ ਪੇਸ਼ ਕੀਤੀਆਂ।ਇਸ ਮਾਮਲੇ ਬਾਰੇ ਡੀਐੱਸਪੀ ਪੱਟੀ ਕੁਲਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਸਿਆਸੀ ਦਬਾਅ ਦੀ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਲਕਾ ਵਿਧਾਇਕ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਿਹਾ ਗਿਆ ਹੈ ਜਿਸ ਕਰਕੇ ਕੋਈ ਢਿੱਲ ਨਹੀਂ ਵਰਤੀ ਜਾ ਰਹੀ ਅਤੇ ਮੁਲਜ਼ਮ ਜਲਦੀ ਹੀ ਕਾਬੂ ਕਰ ਲਈ ਜਾਣਗੇ।