ਸਰਬਜੀਤ ਸਾਗਰ
ਦੀਨਾਨਗਰ, 25 ਜੁਲਾਈ
਼ਸੰਯੁਕਤ ਕਿਸਾਨ ਮੋਰਚਾ ਵੱਲੋਂ ਦੀਨਾਨਗਰ ਦੇ ਪਿੰਡ ਕਲੀਜਪੁਰ ਵਿੱਚ ਕਿਸਾਨ ਕਾਨਫ਼ਰੰਸ ਕੀਤੀ ਗਈ, ਜਿਸ ਵਿੱਚ ਕੇਂਦਰ ਸਰਕਾਰ ਦੀ ਵਾਅਦਾਖ਼ਿਲਾਫ਼ੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਮੋਰਚੇ ਨੇ 31 ਜੁਲਾਈ ਨੂੰ ਚਾਰ ਘੰਟੇ ਰੇਲਾਂ ਰੋਕਣ ਦਾ ਸੱਦਾ ਦਿੱਤਾ ਹੈ। ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਤਰਲੋਕ ਸਿੰਘ ਬਹਿਰਾਮਪੁਰ, ਸੁਖਦੇਵ ਸਿੰਘ ਭਾਗੋਕਾਵਾਂ, ਬਲਬੀਰ ਸਿੰਘ ਕੱਤੋਵਾਲ ਅਤੇ ਸੁਭਾਸ਼ ਕੈਰੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦੇ ਨਾਂ ’ਤੇ ਬਣਾਈ 28 ਮੈਂਬਰੀ ਕਮੇਟੀ ਇਹ ਕਹਿੰਦਿਆਂ ਰੱਦ ਕਰ ਦਿੱਤੀ ਗਈ ਹੈ ਕਿ ਇਸਦੇ ਸਾਰੇ ਹੀ ਮੈਂਬਰ ਖੇਤੀ ਕਾਨੂੰਨਾਂ ਦੇ ਹਮਾਇਤੀ ਰਹੇ ਹਨ ਅਤੇ ਇਸ ਵਿੱਚ ਕਿਸਾਨਾਂ ਨੂੰ ਵੀ ਸਿੱਧੇ ਅਸਿੱਧੇ ਢੰਗ ਨਾਲ ਅਣਗੌਲਿਆਂ ਗਿਆ ਹੈ। ਦਿੱਲੀ ਬਾਰਡਰਾਂ ’ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ 31 ਜੁਲਾਈ ਦੇ ਰੇਲ ਰੋਕੋ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਹਿੱਤ ਗੁਰਦਾਸਪੁਰ ਦੇ ਰੇਲਵੇ ਸਟੇਸਨ ’ਤੇ ਸਵੇਰੇ 10 ਤੋਂ ਵਜੇ ਤੋਂ ਚਾਰ ਘੰਟਿਆਂ ਦੇ ਬੰਦ ਨੂੰ ਕਾਮਯਾਬ ਕਰਨ ਲਈ ਸਾਰਿਆਂ ਨੂੰ ਹੁੰਮ ਹੁੰਮਾਂ ਪਹੁੰਚਣ ਦੀ ਅਪੀਲ ਕੀਤੀ।