ਪੱਤਰ ਪ੍ਰੇਰਕ
ਪਠਾਨਕੋਟ, 27 ਜੂਨ
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਪਲੇਠੇ ਬਜਟ ਨੂੰ ਮੁਲਾਜ਼ਮ ਆਗੂਆਂ ਨੇ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ ਹੈ। ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਧੀਮਾਨ, ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਲੇਖ ਰਾਜ, ਰਮੇਸ਼ ਪਾਲ ਸ਼ਰਮਾ, ਸਤੀਸ਼ ਸ਼ਰਮਾ, ਰਾਜਿੰਦਰ ਕੁਮਾਰ, ਮਨੋਹਰ ਲਾਲ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਮੁਲਾਜ਼ਮਾਂ ਦੇ ਤਨਖਾਹ ਕਮਿਸ਼ਨ ਦੇ 1 ਜਨਵਰੀ 2016 ਤੋਂ ਲੈ ਕੇ 30 ਜੂਨ 2021 ਤੱਕ ਦੇ ਬਕਾਇਆ ਮਹਿੰਗਾਈ ਭੱਤੇ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਕਰਨ ਸਬੰਧੀ ਕੁਝ ਵੀ ਨਹੀਂ ਦਰਸਾਇਆ ਗਿਆ। ਇਸ ਦੇ ਇਲਾਵਾ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇਣ ਲਈ ਵੀ ਇਸ ਬਜਟ ਵਿੱਚ ਕੁੱਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਲਟਕ ਰਹੀਆਂ ਮੰਗਾਂ ਨੂੰ ਹੱਲ ਕਰਨ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦੀ ਤੋਂ ਜਲਦੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਅਤੇ ਮਹਿੰਗਾਈ ਭੱਤੇ ਦੀ ਕਿਸ਼ਤ ਨੂੰ ਜਾਰੀ ਕਰੇ, ਸਾਰੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦੇਵੇ, ਮੁਲਾਜ਼ਮਾਂ ਨੂੰ ਏਸੀਪੀ ਸਕੀਮ, ਪੇਂਡੂ ਭੱਤਾ, ਬਾਰਡਰ ਏਰੀਆ ਭੱਤੇ ਸਮੇਤ ਹੋਰ ਬੰਦ ਕੀਤੇ ਗਏ ਭੱਤਿਆਂ ਨੂੰ ਬਹਾਲ ਕਰੇ।