ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਜੂਨ
ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਵਲੋਂ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਸ਼ਹੀਦੀ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਵੱਖ ਵੱਖ ਜਥਿਆਂ ਵਲੋਂ ਪੁਰਾਤਨ ਕੀਰਤਨ ਪ੍ਰੰਪਰਾਵਾਂ ਅਨੁਸਾਰ ਤੰਤੀ ਸਾਜ਼ਾਂ ਨਾਲ ਕੀਰਤਨ ਕੀਤਾ ਗਿਆ। ਤਰਨ ਤਾਰਨ (ਪੱਤਰ ਪ੍ਰੇਰਕ): ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ 516ਵੇਂ ਸ਼ਹੀਦੀ ਪੁਰਬ ਮੌਕੇ ਅੱਜ ਦੂਰ-ਦੁਰੇਡੇ ਤੋਂ ਵੱਡੀ ਗਿਣਤੀ ਸੰਗਤ ਵਲੋਂ ਦਰਬਾਰ ਸਾਹਿਬ ਦੇ ਦਰਸ਼ਨ-ਇਸ਼ਨਾਨ ਕੀਤੇ ਗਏ ਅਤੇ ਰੱਬੀ ਬਾਣੀ ਦੇ ਮਨੋਹਰ ਕੀਰਤਨ ਸਰਵਣ ਕੀਤੇ ਗਏ| ਸ਼ਰਧਾਲੂਆਂ ਨੇ ਪੂਰੇ ਜ਼ਿਲ੍ਹੇ ਅੰਦਰ ਥਾਂ ਥਾਂ ’ਤੇ ਸੰਗਤ ਲਈ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਸਨ| ਸ੍ਰੀ ਦਰਬਾਰ ਸਾਹਿਬ ਤੋਂ ਸਵੇਰ ਦੇ 7 ਵਜੇ ਤੋਂ ਆਕਾਸ਼ਵਾਣੀ ਜਲੰਧਰ ਤੋਂ ਗੁਰਬਾਣੀ ਦਾ ਕੀਰਤਨ ਪ੍ਰਸਾਰਿਤ ਕੀਤਾ ਗਿਆ|
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਇਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ, ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਚੌਕ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਗੁਰਦੁਆਰਾ ਸਿੰਘ ਸਭਾ ਰੇਲ ਵਿਹਾਰ ਅਤੇ ਹੋਰ ਗੁਰੂਘਰਾਂ ਵਿਚ ਸ਼ਹੀਦੀ ਪੁਰਬ ਨੂੰ ਸਮਰਪਿਤ ਦੀਵਾਨ ਸਜਾਏ ਗਏ। ਇਸੇ ਦੌਰਾਨ ਸ਼ਹਿਰ ਅਤੇ ਆਸ-ਪਾਸ ਪਿੰਡਾਂ ਵਿਚ ਲੋਕਾਂ ਵੱਲੋਂ ਥਾਂ-ਥਾਂ ’ਤੇ ਛਬੀਲਾਂ ਤੇ ਲੰਗਰ ਲਾਏ ਗਏ।
ਸ਼ਾਹਕੋਟ (ਪੱਤਰ ਪ੍ਰੇਰਕ): ਇਲਾਕੇ ਦੇ ਪਿੰਡਾਂ ਵਿੱਚ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਗੁਰਦੁਆਰਿਆਂ ’ਚ ਅਖੰਡ ਪਾਠ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।
ਅਜਨਾਲਾ (ਪੱਤਰ ਪ੍ਰੇਰਕ): ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਅੰਦਰ ਸਥਾਨਿਕ ਲੋਕਾਂ ਵੱਲੋਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।
ਫਗਵਾੜਾ (ਪੱਤਰ ਪ੍ਰੇਰਕ): ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਤਿਹਾਸਿਕ ਗੁਰਦੁਆਰਾ ਛੇਵੀਂ ਪਾਤਸ਼ਾਹੀ, ਗੁਰਦੁਆਰਾ ਸ੍ਰੀ ਸੂਖਚੈਨਆਣਾ ਸਾਹਿਬ ਤੇ ਅਕਾਲੀ ਗੁਰਦੁਆਰਾ ਬੰਗਾ ਰੋਡ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕਿਆ।
ਪਠਾਨਕੋਟ (ਪੱਤਰ ਪ੍ਰੇਰਕ): ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਵਿੱਚ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਦੌਰਾਨ ਠੰਢੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।
ਨਗਰ ਕੀਰਤਨ ਸਜਾਇਆ
ਧਾਰੀਵਾਲ (ਪੱਤਰ ਪ੍ਰੇਰਕ): ਸ਼ਹੀਦੀ ਦਿਹਾੜੇ ਮੌਕੇ ਪੰਜਵੇਂ ਪਾਤਸ਼ਾਹ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜੋ ਵੱਖ-ਵੱਖ ਇਲਾਕਿਆਂ ਵਿੱਚੋਂ ਦੀ ਹੁੰਦਾ ਹੋਇਆ ਇੱਥੇ ਆ ਕੇ ਹੀ ਸਮਾਪਤ ਹੋਇਆ। ਇਸ ਮੌਕੇ ਨੌਜਵਾਨਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ।