ਰਾਜਨ ਮਾਨ
ਮਜੀਠਾ, 25 ਮਈ
ਕਿਸਾਨਾਂ ਤੇ ਗੁੱਜਰਾਂ ਦਰਮਿਆਨ ਹੋਏ ਝਗੜੇ ਨੂੰ ਲੈ ਕੇ ਬੇਕਸੂਰ ਕਿਸਾਨਾਂ ਨੂੰ ਪਰਚੇ ਚੋਂ ਬਾਹਰ ਕਰਨ ਅਤੇ ਨਸ਼ਿਆਂ ਦੀ ਭਰਮਾਰ ਵਿਰੁੱਧ ਥਾਣਾ ਮਜੀਠਾ ਦੇ ਬਾਹਰ ਧਰਨੇ ਉੱਤੇ ਬੈਠੇ ਕਿਸਾਨਾਂ ਦੀ ਅੱਜ ਪੁਲੀਸ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ।
ਅੱਜ ਸਵੇਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨਾਂ ਦੀ ਇੱਕ ਮੀਟਿੰਗ ਪੁਲੀਸ ਦੇ ਉੱਚ ਅਧਿਕਾਰੀਆਂ ਜਿਨ੍ਹਾਂ ਵਿੱਚ ਐੱਸਪੀ ਅੰਮ੍ਰਿਤਸਰ (ਦਿਹਾਤੀ) ਡੀਐੱਸਪੀ ਅਤੇ ਹੋਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ ਪਰ ਇਹ ਮੀਟਿੰਗ ਕਿਸੇ ਸਿਰੇ ਨਾ ਲੱਗ ਸਕੀ ਅਤੇ ਕਿਸਾਨਾਂ ਨੇ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ। ਅੱਜ ਮੀਟਿੰਗ ਵਿੱਚ ਕਿਸਾਨਾਂ ਨੂੰ ਕੇਸ ਵਿਚੋਂ ਬਾਹਰ ਕੱਢਣ ਅਤੇ ਦੋਸ਼ੀ ਗੁੱਜਰਾਂ ਵਿਰੁੱਧ ਸਖਤ ਕਾਰਵਾਈ ਕਰਨ ਸਬੰਧੀ ਮੰਗਾਂ ਉੱਤੇ ਚਰਚਾ ਹੋਈ ਪਰ ਪੁਲੀਸ ਵੱਲੋਂ ਕੋਈ ਪੱਲਾ ਨਾ ਫੜਾਉਣ ’ਤੇ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ। ਅੱਜ ਧਰਨੇ ਨੂੰ ਕਿਸਾਨ ਆਗੂ ਬਲਦੇਵ ਸਿੰਘ ਬੱਗਾ, ਡਾਕਟਰ ਕੰਵਲਦੀਪ ਸਿੰਘ ਸੈਦੋਲੇਹਲ, ਗੁਰਲਾਲ ਸਿੰਘ ਮਾਨ ਨੇ ਸੰਬੋਧਨ ਕੀਤਾ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਵੀ ਹਾਜ਼ਰ ਸਨ।