ਨਿੱਜੀ ਪੱਤਰ ਪ੍ਰੇਰਕ
ਬਟਾਲਾ, 20 ਜੂਨ
ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਆਪਣੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਜਾਨਣ ਅਤੇ ਉਨ੍ਹਾਂ ਦੇ ਹੱਲ ਲਈ ਜਲਦੀ ਹੀ ਇੱਕ ਮੋਬਾਈਲ ਐਪ ਤਿਆਰ ਕੀਤੀ ਜਾ ਰਹੀ ਹੈ ਜਿਸ ਰਾਹੀਂ ਕੋਈ ਵੀ ਵਿਅਕਤੀ ਉਨ੍ਹਾਂ ਨਾਲ ਘਰ ਬੈਠੇ ਹੀ ਸਿੱਧਾ ਸੰਪਰਕ ਕਰ ਸਕੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਕਲਸੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਲਦੀ ਹੀ ਇੱਕ ਮੋਬਾਈਲ ਐਪ ਬਣਾਈ ਜਾ ਰਹੀ ਹੈ ਜਿਸ ਰਾਹੀਂ ਲੋਕ ਆਪਣੀਆਂ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਐਪ ਜ਼ਰੀਏ ਲੋਕ ਆਪਣੇ ਮੁਹੱਲੇ ਵਿੱਚ ਸਫ਼ਾਈ, ਗਲੀਆਂ, ਸੜਕਾਂ, ਸਟਰੀਟ ਲਾਈਟਾਂ, ਸੀਵਰੇਜ ਦੀ ਨਿਕਾਸੀ ਆਦਿ ਮੁਸ਼ਕਲਾਂ ਬਾਰੇ ਆਨ-ਲਾਈਨ ਸ਼ਿਕਾਇਤ ਕਰ ਸਕਣਗੇ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਨੂੰ ਭੇਜ ਕੇ ਹੱਲ ਕਰਵਾਇਆ ਜਾਵੇਗਾ। ਸ੍ਰੀ ਕਲਸੀ ਨੇ ਕਿਹਾ ਕਿ ਉਹ ਖੁਦ ਵੀ ਇਨ੍ਹਾਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਨਿੱਜੀ ਪੈਰਵੀ ਤੇ ਨਿਗਰਾਨੀ ਕਰਨਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।