ਐਨਪੀ ਧਵਨ
ਪਠਾਨਕੋਟ, 31 ਅਗਸਤ
ਜ਼ਿਲ੍ਹਾ ਪੁਲੀਸ ਨੇ ਅੱਜ ਪੰਜਾਬ ਵਿੱਚ ਭੁੱਕੀ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਟਰੱਕ ਵਿੱਚੋਂ ਤਿੰਨ ਕੁਇੰਟਲ ਭੁੱਕੀ ਬਰਾਮਦ ਕੀਤੀ ਹੈ। ਇਹ ਭੁੱਕੀ ਪਲਾਸਟਿਕ ਦੇ ਛੋਟੇ-ਛੋਟੇ ਲਿਫਾਫਿਆਂ ਵਿੱਚ ਟਰੱਕ ਦੇ ਪਿਛਲੇ ਟਾਇਰਾਂ ਕੋਲ ਬਣਾਏ ਇੱਕ ਖ਼ਾਸ ਖਾਨੇ ਵਿੱਚ ਲੁਕੋ ਕੇ ਜੰਮੂ-ਕਸ਼ਮੀਰ ਖੇਤਰ ਵਿੱਚੋਂ ਲਿਆਂਦੀ ਜਾ ਰਹੀ ਸੀ। ਮੁਲਜ਼ਮਾਂ ਦੀ ਪਛਾਣ ਜਗਮੋਹਨ ਸਿੰਘ ਅਤੇ ਸੇਵਾ ਸਿੰਘ ਵਾਸੀ ਪਿੰਡ ਪੁਲਾੜਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਥਾਣਾ ਸੁਜਾਨਪੁਰ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਦੋਵੇਂ ਮੁਲਜ਼ਮ ਭਰਾ ਹਨ।
ਜ਼ਿਲ੍ਹਾ ਪੁਲੀਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਐਸਪੀ ਮਨੋਜ ਕੁਮਾਰ ਅਤੇ ਡੀਐੱਸਪੀ ਰਜਿੰਦਰ ਮਿਨਹਾਸ ਦੀ ਅਗਵਾਈ ਵਿੱਚ ਹੋਰ ਪੁਲੀਸ ਅਧਿਕਾਰੀਆਂ ਨਾਲ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਨੇ ਮਾਧੋਪੁਰ ਕੋਲ ਨਾਕਾ ਲਗਾਇਆ ਹੋਇਆ ਸੀ ਤਾਂ ਜੰਮੂ-ਕਸ਼ਮੀਰ ਦੀ ਤਰਫੋਂ ਆ ਰਹੇ ਇੱਕ ਟਰੱਕ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਕੀਤੀ ਗਈ। ਇਸ ਦੌਰਾਨ ਪੁਲੀਸ ਨੇ ਟਰੱਕ ਦੇ ਵਿਸ਼ੇਸ਼ ਖਾਨੇ ਵਿੱਚ ਲੁਕੋ ਕੇ ਰੱਖੀ ਤਿੰਨ ਕੁਇੰਟਲ ਭੁੱਕੀ ਬਰਾਮਦ ਕਰ ਕੇ ਦੋ ਮੁਲਜ਼ਮਾਂ ਨੂੰ ਮੌਕੇ ’ਤੇ ਹਿਰਾਸਤ ਵਿੱਚ ਲੈ ਲਿਆ ਹੈ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਮੁੱਢਲੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਵੀ ਦਰਜਨਾਂ ਅਪਰਾਧਕ ਕੇਸ ਦਰਜ ਹਨ।
ਹੈਰੋਇਨ ਤੇ ਅਫ਼ੀਮ ਸਣੇ ਦੋ ਕਾਬੂ
ਫਗਵਾੜਾ (ਪੱਤਰ ਪ੍ਰੇਰਕ): ਸੀਆਈਏ ਸਟਾਫ਼ ਨੇ ਦੋ ਜਣਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਢਾਈ ਕਿਲੋ ਅਫੀਮ ਤੇ ਹੈਰੋਇਨ ਬਰਾਮਦ ਕਰ ਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤੇ ਹਨ। ਸੀਆਈਏ ਸਟਾਫ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਪਿੰਡ ਬਜੀਦੋਵਾਲ ਲਾਗਿਓਂ ਮੋਟਰਸਾਈਕਲ ’ਤੇ ਆ ਰਹੇ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਹੋਈ। ਇਸ ਮੌਕੇ ਨਸ਼ੀਲੇ ਪਦਾਰਥ ਸਣੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਜਸਪਾਲ ਉਰਫ਼ ਜੱਸਾ ਪੁੱਤਰ ਮਨੋਹਰ ਲਾਲ ਵਾਸੀ ਰੁੜਕੀ ਖਾਸ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਦੋ ਰੋਜ਼ਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਇਸੇ ਤਰ੍ਹਾਂ ਪੁਲੀਸ ਪਾਰਟੀ ਨੇ ਪਿੰਡ ਪਾਂਸ਼ਟਾ ਤੋਂ ਪਿੰਡ ਮਾਇਓਪੱਟੀ ਨੂੰ ਜਾਂਦੇ ਰਸਤੇ ’ਤੇ ਪੈਟਰੋਲ ਪੰਪ ਲਾਗਿਓਂ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਨੀਲ ਕੁਮਾਰ ਉਰਫ਼ ਸਨੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰਨ ਉਪਰੰਤ ਅਗਲੀ ਜਾਂਚ ਕੀਤੀ ਜਾਵੇਗੀ।