ਗੁਰਬਖਸ਼ਪੁਰੀ
ਤਰਨ ਤਾਰਨ, 5 ਅਗਸਤ
ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐੱਨਐੱਸਯੂਆਈ) ਦੀ ਸਥਾਨਕ ਜ਼ਿਲ੍ਹਾ ਇਕਾਈ ਵਲੋਂ ਅੱਜ ਇਥੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ ਅਤੇ ਸਰਕਾਰ ਦੀ ਅਰਥੀ ਸਾੜੀ| ਵਿਖਾਵੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਭਾਗਾਂ ਤੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ| ਯੂਨੀਅਨ ਦੇ ਸੂਬਾ ਸਕੱਤਰ ਰਿਤਿਕ ਅਰੋੜਾ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਦੇਸ਼ ਅੰਦਰ ਬੇਰੁਜ਼ਗਾਰੀ, ਗਰੀਬੀ, ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਬੇਹਿਸਾਬ ਵਾਧਾ ਹੋ ਰਿਹਾ ਹੈ| ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਆਪਣੇ ਰਾਜਸੀ ਵਿਰੋਧੀਆਂ ਦੀ ਆਵਾਜ਼ ਨੂੰ ਈਡੀ, ਸੀਬੀਆਈ ਆਦਿ ਏਜੰਸੀਆਂ ਰਾਹੀਂ ਦਬਾਇਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਬੀਤੇ ਇਕ ਸਾਲ ਦੇ ਅੰਦਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ 78 ਵਾਰ ਵਾਧਾ ਹੋਇਆ ਹੈ, ਜਿਸ ਨਾਲ ਆਮ ਵਿਅਕਤੀ ਵਲੋਂ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਬਣ ਗਿਆ ਹੈ| ਉਨ੍ਹਾਂ ਸਰਕਾਰ ਵਲੋਂ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਖਾਤਰ ਨਾਗਰਿਕਾਂ ਦੇ ਮਨੁੱਖੀ ਹੱਕਾਂ ਨੂੰ ਕੁਚਲਣ ਦਾ ਵੀ ਦੋਸ਼ ਲਗਾਇਆ ਅਤੇ ਦੇਸ਼ ਦੇ ਲੋਕਾਂ ਨੂੰ ਫਿਰਕਾਪ੍ਰਸਤੀ ਦੇ ਆਧਾਰ ’ਤੇ ਵੰਡਣ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ| ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇਸ਼ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਨਾਲ ਸਮਰਥ ਹਨ|