ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 18 ਜੁਲਾਈ
ਇਥੇ ਕਸਬੇ ਵਿੱਚ ਕੰਮ ਕਰਦੇ ਇਕ ਟਰੈਵਲ ਏਜੰਟ ਉੱਤੇ ਸੈਂਕੜੇ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ ਪੀੜਤ ਨੌਜਵਾਨਾਂ ਵੱਲੋਂ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਦਲਬੀਰ ਸਿੰਘ ਪਿੰਡ ਓਠੀਆਂ ਜ਼ਿਲ੍ਹਾ ਅੰਮ੍ਰਿਤਸਰ, ਗੁਰਦੀਪ ਸਿੰਘ ਪੁੱਤਰ ਬੂਟਾ ਸਿੰਘ ਪਿੰਡ ਝਾਡੇ ਜ਼ਿਲ੍ਹਾ ਲੁਧਿਆਣਾ ਅਤੇ ਗੁਰਚਰਨ ਸਿੰਘ ਪੁੱਤਰ ਸਰੂਪ ਸਿੰਘ ਪਿੰਡ ਕਲੋਤੇ ਜ਼ਿਲ੍ਹਾ ਹੁਸ਼ਿਆਰਪੁਰ ਨੇ ਦਰਜਨ ਤੋਂ ਵੱਧ ਹੋਰ ਪੀੜਤ ਨੌਜਵਾਨਾਂ ਨੂੰ ਨਾਲ ਲੈ ਕੇ ਦੱਸਿਆ ਕਿ ਉਨ੍ਹਾਂ ਵੱਲੋਂ ਰੁਜ਼ਗਾਰ ਸਬੰਧੀ ਵਿਦੇਸ਼ ਜਾਣ ਲਈ ਹਰ ਨੌਜਵਾਨ ਨੇ 25 ਹਜ਼ਾਰ ਰੁਪਏ ਤੋਂ 50 ਹਜ਼ਾਰ ਰੁਪਏ ਤੱਕ ਦੀ ਰਕਮ ਟਰੈਵਲ ਏਜੰਟ ਨੂੰ ਦਿੱਤੀ ਸੀ। ਪੈਸੇ ਲੈਣ ਮੌਕੇ ਟਰੈਵਲ ਏਜੰਟ ਵੱਲੋਂ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਹ ਹਰ ਨੌਜਵਾਨ ਨੂੰ ਕੁਵੈਤ ਵਿੱਚ ਜਾਣ ਦਾ ਪੱਕਾ ਵਰਕ ਵੀਜ਼ਾ ਅਤੇ ਹਵਾਈ ਟਿਕਟਾਂ ਲੈ ਕੇ ਦੇਵੇਗਾ, ਪਰ ਹੁਣ ਤੱਕ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਉਨ੍ਹਾਂ ਵਿੱਚੋਂ ਕਿਸੇ ਵੀ ਲੜਕੇ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਤੋਂ ਹੋਰ ਪੈਸੇ ਠੱਗਣ ਲਈ ਏਜੰਟ ਵੱਲੋਂ ਫੇਕ ਵੀਜ਼ਾ ਕਾਪੀ ਅਤੇ ਹਵਾਈ ਟਿਕਟਾਂ ਵੀ ਉਨ੍ਹਾਂ ਨੂੰ ਦਿੱਤੀਆਂ ਗਈਆਂ ਸਨ। ਹੁਣ ਟਰੈਵਲ ਏਜੰਟ ਵੱਲੋਂ ਆਪਣਾ ਦਫ਼ਤਰ ਬੰਦ ਕਰ ਦਿੱਤਾ ਗਿਆ ਹੈ ਅਤੇ ਉਸ ਦਾ ਫੋਨ ਵੀ ਬੰਦ ਆ ਰਿਹਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਠੱਗੀ ਦਾ ਸ਼ਿਕਾਰ ਵੱਡੀ ਗਿਣਤੀ ਵਿੱਚ ਨੌਵਜਾਨ ਹੋਏ ਹਨ। ਜਿਨ੍ਹਾਂ ਵਿੱਚ ਪੰਜਾਬ ਦੇ ਲੁਧਿਆਣਾ, ਹੁਸ਼ਿਆਰਪੁਰ, ਅੰਮ੍ਰਿਤਰਸਰ ਅਤੇ ਗੁਰਦਾਸਪੁਰ ਸਮੇਤ ਵੱਖ ਵੱਖ ਜ਼ਿਲ੍ਹਿਆਂ ਦੇ ਨਾਲ ਨਾਲ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਵੱਲੋਂ ਐੱਸ.ਐੱਸ.ਪੀ. ਗੁਰਦਾਸਪੁਰ ਨੂੰ ਲਿਖਤੀ ਸ਼ਿਕਾਇਤ ਕਰਕੇ ਮੰਗ ਕੀਤੀ ਗਈ ਹੈ ਕਿ ਦੋਸ਼ੀ ਟਰੈਵਲ ਏਜੰਟ ਖ਼ਿਲਾਫ਼ ਐੱਫਆਈਆਰ ਦਰਜ ਕਰਕੇ ਉਨ੍ਹਾਂ ਦੇ ਪੈਸੇ ਵਾਪਸ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਪੀੜਤ ਬਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਪਿੰਡ ਧਨੋਆ ਜ਼ਿਲ੍ਹਾ ਹੁਸ਼ਿਆਰਪੁਰ, ਸੁਲਤਾਨ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਅਕਾਲਗੜ੍ਹ ਲੁਧਿਆਣਾ, ਰਜਿਤ ਕੁਮਾਰ ਪੁੱਤਰ ਮਹਿੰਦਰ ਲਾਲ ਪਿੰਡ ਧਨੋਆ ਜਿਲ੍ਹਾ ਹੁਸ਼ਿਆਰਪੁਰ, ਰਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਪੈੜੇਵਾਲ ਜ਼ਿਲ੍ਹਾ ਅੰਮ੍ਰਿਤਸਰ ਆਦਿ ਵੀ ਹਾਜ਼ਰ ਸਨ।