ਨਿੱਜੀ ਪੱਤਰ ਪ੍ਰੇਰਕ
ਬਟਾਲਾ, 18 ਅਕਤੂਬਰ
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਅਪੀਲਾਂ ਨੂੰ ਨਜ਼ਰਅੰਦਾਜ਼ ਕਰਦਿਆਂ ਪਰਾਲੀ ਨੂੰ ਅੱਗ ਲਾਉਣ ਦਾ ਰੁਝਾਨ ਜਾਰੀ ਹੈ। ਕਾਸ਼ਤਕਾਰਾਂ ਵੱਲੋਂ ਅਪਰੈਲ ਮਹੀਨੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ’ਤੇ ਵਾਪਰੀਆਂ ਘਟਨਾਵਾਂ ਤੋਂ ਕੋਈ ਸਬਕ ਨਹੀਂ ਸਿੱਖਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਾਗਜ਼ਾਤਾਂ ’ਤੇ ਭਾਵੇਂ ਹੁਣ ਤੱਕ ਦਰਜਨਾਂ ਲਾਲ ਐਂਟਰੀਆਂ ਕੀਤੀਆਂ ਪਰ ਬਾਵਜੂਦ ਇਸ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਰੁਝਾਨ ਰੁਕਿਆ ਨਹੀਂ। ਸਰਹੱਦੀ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਰੁਝਾਨ ਜਾਰੀ ਹੈ। ਇੱਥੋਂ ਦੇ ਕਾਦੀਆ ਰੋਡ ’ਤੇ ਸਥਿਤ ਗੁਰਦੁਆਰਾ ਪਲਾਹੀ ਸਾਹਿਬ, ਬਿਜਲੀ ਘਰ ਅਤੇ ਇੱਕ ਨਿੱਜੀ ਵਿਦਿਅਕ ਅਦਾਰੇ ਕੋਲ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ। ਮੁੱਖ ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਗ ਲਾਉਣ ਨਾਲ ਕੁਝ ਸਮਾਂ ਆਵਾਜਾਈ ਵਿੱਚ ਵੀ ਵਿਘਨ ਪਿਆ ਤੇ ਰਾਹਗੀਰ ਪ੍ਰੇਸ਼ਾਨ ਹੋਏ। ਇਸੇ ਤਰ੍ਹਾਂ ਬਟਾਲਾ-ਡੇਰਾ ਬਾਬਾ ਨਾਨਕ ਸੜਕ, ਫਤਹਿਗੜ੍ਹ ਚੂੜੀਆਂ ਸੜਕ, ਸ਼੍ਰੀਹਰਗੋਬਿੰਦਪੁਰ ਸੜਕ ’ਤੇ ਦੋਵਾਂ ਪਾਸਿਆਂ ’ਤੇ ਪਰਾਲੀ ਨੂੰ ਅੱਗ ਲਗਾਉਣ ਦੀ ਜਾਣਕਾਰੀ ਮਿਲੀ ਹੈ। ਉਧਰ, ਡੀਸੀ ਇਸ਼ਫਾਕ ਮੁਹੰਮਦ ਨੇ ਦੱਸਿਆ ਕਿ ਕਿਸਾਨਾਂ ਨੂੰ ਪ੍ਰਿੰਟ ਅਤੇ ਬਿਜਲਈ ਮੀਡੀਆ ਤੋਂ ਇਲਾਵਾ ਨੁੱਕੜ ਮੀਟਿੰਗਾਂ ਕਰਕੇ ਅਪੀਲ ਕੀਤੀ ਗਈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ, ਕਿਉਂਕਿ ਇਸ ਨਾਲ ਵਾਤਾਵਰਣ ਜਿੱਥੇ ਦੂਸ਼ਿਤ ਹੁੰਦਾ ਹੈ, ਉਥੇ ਹੀ ਖੇਤਾਂ ਵਿੱਚ ਮਿੱਤਰ ਕੀੜੇ ਵੀ ਖਤਮ ਹੋ ਰਹੇ ਹਨ।