ਪੱਤਰ ਪ੍ਰੇਰਕ
ਤਰਨ ਤਾਰਨ, 11 ਅਕਤੂਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਅੱਜ ਇਲਾਕੇ ਦੇ ਪਿੰਡ ਕਿਰਤੋਵਾਲ ਕਲਾਂ ਵਿੱਚ ਮਜ਼ਦੂਰਾਂ ਦਾ ਇਕੱਠ ਕਰਕੇ ਸੂਬਾ ਸਰਕਾਰ ਵੱਲੋਂ ਗਰੀਬ ਵਰਗਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਖ਼ਿਲਾਫ਼ ਤਿੱਖਾ ਰੋਸ ਜ਼ਾਹਰ ਕੀਤਾ ਗਿਆ ਅਤੇ ਸਰਕਾਰ ਦੀ ਅਰਥੀ ਸਾੜੀ| ਇਸ ਮੌਕੇ ਜਥੇਬੰਦੀਆਂ ਦੇ ਮੋਰਚੇ ਦੀ ਸੂਬਾ ਆਗੂ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ, ਸੁਖਦੇਵ ਸਿੰਘ ਗੋਹਲਵੜ, ਸੁਖਦੇਵ ਸਿੰਘ ਕੋਟ ਧਰਮ ਚੰਦ ਕਲਾ ਸਮੇਤ ਹੋਰਾਂ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ 12 ਸਤੰਬਰ ਨੂੰ ਲਾਏ ਤਿੰਨ ਰੋਜ਼ਾ ਮੋਰਚੇ ਸਮੇਂ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ 3 ਅਕਤੂਬਰ ਦੀ ਮੀਟਿੰਗ ਰੱਖੀ ਸੀ, ਜਿਸ ਨੂੰ ਬਦਲਵੀਂ ਤਰੀਕ ਦਿੱਤੇ ਬਿਨਾਂ ਹੀ ਰੱਦ ਕਰ ਦਿੱਤਾ ਗਿਆ। ਆਗੂਆਂ ਨੇ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦੀ ਗਾਰੰਟੀ ਕਰਕੇ 700 ਰੁਪਏ ਦਿਹਾੜੀ ਕੀਤੇ ਜਾਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦਿੱਤੇ ਜਾਣ, ਪੈਨਸ਼ਨ ਦੀ ਰਕਮ ਪੰਜ ਹਜ਼ਾਰ ਰੁਪਏ ਮਹੀਨਾ ਦੇਣ ਆਦਿ ਮੰਗਾਂ ਬਾਰੇ ਵਿਚਾਰ ਪੇਸ਼ ਕੀਤੇ| ਇਸ ਮੌਕੇ ਨਛੱਤਰ ਸਿੰਘ ਕਿਰਤੋਵਾਲ ਕਲਾ, ਰਾਣੀ ਕੌਰ, ਪ੍ਰੀਤਮ ਕੌਰ, ਸੋਮਾ ਆਦਿ ਨੇ ਵੀ ਸੰਬੋਧਨ ਕੀਤਾ।