ਪੱਤਰ ਪ੍ਰੇਰਕ
ਚੇਤਨਪੁਰਾ, 15 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਗੁਰਦੁਆਰਾ ਮੋਰਚਾ ਸਾਹਿਬ ਹਰਸਾ ਛੀਨਾ ਵਿਖੇ ਹੋਈ ਜਿਸ ਵਿਚ ਜ਼ਿਲ੍ਹੇ ਤੇ ਬਲਾਕਾਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਅੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਉਲੀਕੇ ਗਏ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਵਿਉਂਤਬੰਦੀ ਕੀਤੀ ਗਈ। ਆਗੂਆਂ ਨੇ ਕਿਹਾ ਕਿ 21 ਜੁਲਾਈ ਤੋਂ 25 ਜੁਲਾਈ ਤਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ, ਪਾਣੀ ਨੂੰ ਗੰਦਾ ਕਰਨ ਵਾਲੀਆਂ ਫੈਕਟਰੀਆਂ ਅਤੇ ਪਾਣੀ ਤੋਂ ਮੁਨਾਫ਼ੇ ਕਮਾਉਣ ਲਈ ਸਰਮਾਏਦਾਰ ਕੰਪਨੀਆਂ ਵੱਲੋਂ ਲਗਾਏ ਜਾ ਰਹੇ ਪ੍ਰਾਜੈਕਟਾਂ ਅੱਗੇ ਮੋਰਚੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਵੱਲੋਂ 21 ਤੋਂ 25 ਤੱਕ ਮੁੱਖ ਨਹਿਰੀ ਦਫਤਰ ਅੱਗੇ ਪੱਕਾ ਮੋਰਚੇ ਲਾਏ ਜਾਣਗੇ। ਇਸ ਮੌਕੇ ਅਟਾਰੀ ਬਲਾਕ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਦੌਰਾਨ ਮੰਨੀਆਂ ਹੋਈਆਂ ਰਹਿੰਦੀਆਂ ਮੰਗਾਂ ਨੂੰ ਉਭਾਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ ਦੇ ਸੜਕ ਜਾਮ ਦੇ ਦਿੱਤੇ ਸੱਦੇ ਤਹਿਤ ਜਾਮ ਲਾਉਣ ਦੀ ਵਿਉਂਤਬੰਦੀ ਵੀ ਕੀਤੀ ਗਈ।