ਜਸਬੀਰ ਸਿੰਘ ਚਾਨਾ
ਫਗਵਾੜਾ, 28 ਮਾਰਚ
ਇਥੇ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ ਤੇ ਆਏ ਦਿਨ ਚੋਰ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦਿੰਦੇ ਹਨ। ਅੱਜ ਤਾਜ਼ਾ ਘਟਨਾ ਉਸ ਵੇਲੇ ਸਾਹਮਣੇ ਆਈ ਜਦੋਂ ਇੱਥੋਂ ਦੇ ਦੁਸਾਂਝਾਂ ਰੋਡ ਉਤੇ ਸਥਿਤ ਜੀ.ਆਈ ਫਲੈਟਾਂ ਵਿੱਚ ਇੱਕ ਫਲੈਟ ਨੂੰ ਨਿਸ਼ਾਨਾ ਬਣਾ ਕੇ ਚੋਰ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਗਏ। ਇਸ ਸਬੰਧੀ ਫਲੈਟ ਮਾਲਕ ਅਜੇ ਜੈਨ ਨੇ ਦੱਸਿਆ ਕਿ ਉਹ ਜੀ.ਆਈ ਫਲੈਟਾਂ ਵਿਚ ਬਲਾਕ ਬੀ ਦੇ 401 ਨੰਬਰ ਫਲੈਟ ਵਿੱਚ ਰਹਿੰਦੇ ਹਨ। 15 ਦਿਨਾਂ ਤੋਂ ਉਹ ਚੰਡੀਗੜ੍ਹ ਗਏ ਹੋਏ ਸਨ ਤੇ ਜਦੋਂ ਅੱਜ ਸ਼ਾਮ ਉਹ ਵਾਪਸ ਆਏ ਤਾਂ ਦੇਖਿਆ ਕਿ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਸਾਮਾਨ ਖਿੱਲਰਿਆ ਪਿਆ ਸੀ।
ਉਨ੍ਹਾਂ ਦੱਸਿਆ ਕਿ ਚੋਰ ਉਨ੍ਹਾਂ ਦੇ ਗਹਿਣੇ ਤੇ ਹੋਰ ਸਾਮਾਨ ਲੈ ਕੇ ਫ਼ਰਾਰ ਹੋ ਗਏ ਹਨ। ਉਨ੍ਹਾਂ ਦਾ ਕਰੀਬ ਪੰਜ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਧਰ ਸੂਚਨਾ ਮਿਲਣ ’ਤੇ ਪੁਲੀਸ ਨੇ ਚੋਰੀ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।