ਕਤਲ ਮਾਮਲੇ ਵਿੱਚ ਤਿੰਨ ਨੂੰ ਉਮਰ ਕੈਦ
ਨਿੱਜੀ ਪੱਤਰ ਪ੍ਰੇਰਕਗੁਰਦਾਸਪੁਰ, 8 ਜੁਲਾਈ
ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਕਰੀਬ ਸਾਢੇ 6 ਸਾਲ ਪਹਿਲਾਂ ਵਾਪਰੀ ਕਤਲ ਦੀ ਘਟਨਾ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਵਿੱਚੋਂ ਤਿੰਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਇੱਕ ਮੁਲਜ਼ਮ ਨੂੰ ਬਰੀ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ 18 ਜਨਵਰੀ 2019 ਨੂੰ ਥਾਣਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ਵਿੱਚ ਕੁਝ ਲੋਕਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਛਪਾਲ ਸਿੰਘ ਨਾਮ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਿਸ ਦੇ ਸਬੰਧ ਵਿੱਚ ਪੁਲੀਸ ਨੇ ਛੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਬਾਅਦ ਵਿੱਚ ਅਦਾਲਤ ਨੇ ਇਨ੍ਹਾਂ ਛੇ ਵਿੱਚੋਂ ਚਾਰ ਮੁਲਜ਼ਮਾਂ ਵਿਰੁੱਧ ਸੁਣਵਾਈ ਸ਼ੁਰੂ ਕੀਤੀ ਸੀ। ਅੱਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਨੇ ਉਕਤ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਖਦੇਵ ਸਿੰਘ ਉਰਫ਼ ਸੁੱਖਾ, ਲਵਜਿੰਦਰ ਸਿੰਘ ਉਰਫ਼ ਲਾਲੀ, ਰਣਜੀਤ ਸਿੰਘ ਉਰਫ਼ ਹਰਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਜਸਬੀਰ ਸਿੰਘ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ।