ਅਮਰਨਾਥ ਯਾਤਰਾ ਲਈ ਮਾਧੋਪੁਰ ਨਾਕੇ ’ਤੇ ਸਖ਼ਤ ਸੁਰੱਖਿਆ ਪ੍ਰਬੰਧ
ਪੱਤਰ ਪ੍ਰੇਰਕ
ਪਠਾਨਕੋਟ, 18 ਜੂਨ
ਇਸ ਮਹੀਨੇ ਦੇ ਅਖੀਰ ਵਿੱਚ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਦੇ ਸੁਰੱਖਿਆ ਪ੍ਰਬੰਧਾਂ ਲਈ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਯਾਤਰਾ ਸਬੰਧੀ ਸੰਭਾਵਿਤ ਸੁਰੱਖਿਆ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਜਿਸ ਤਹਿਤ ਪਠਾਨਕੋਟ ਦੇ ਮਾਧੋਪੁਰ ਅੰਤਰਰਾਜੀ ਪੁਲੀਸ ਨਾਕੇ ’ਤੇ ਸਖ਼ਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਐੱਸਐੱਸਪੀ ਦਲਜਿੰਦਰ ਸਿੰਘ ਢਿੱਲੋਂ ਨੇ ਖੁਦ ਮਾਧੋਪੁਰ ਨਾਕੇ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਕਾ ਇੰਚਾਰਜ ਅਤੇ ਪੁਲੀਸ ਮੁਲਾਜ਼ਮਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਰਨਾਥ ਯਾਤਰਾ ਦੌਰਾਨ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਜੰਮੂ-ਕਸ਼ਮੀਰ ਦੀ ਯਾਤਰਾ ਕਰਦੇ ਹਨ, ਅਜਿਹੀ ਸਥਿਤੀ ਵਿੱਚ ਮਾਧੋਪੁਰ ਨਾਕਾ ਇੱਕ ਮਹੱਤਵਪੂਰਨ ਸੁਰੱਖਿਆ ਕੇਂਦਰ ਬਣ ਜਾਂਦਾ ਹੈ।
ਮਾਧੋਪੁਰ ਨਾਕਾ ਹਾਈ ਅਲਰਟ ’ਤੇ: ਐੱਸਐੱਸਪੀ
ਐੱਸਐੱਸਪੀ ਢਿੱਲੋਂ ਨੇ ਕਿਹਾ ਕਿ ਪੰਜਾਬ ਪੁਲੀਸ ਯਾਤਰਾ ਦੀ ਪਵਿੱਤਰਤਾ ਅਤੇ ਸੁਰੱਖਿਆ ਬਣਾਈ ਰੱਖਣ ਲਈ ਤਿਆਰ ਹੈ ਅਤੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਹਰ ਆਉਣ-ਜਾਣ ਵਾਲੇ ਸ਼ਰਧਾਲੂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਅਮਰਨਾਥ ਯਾਤਰਾ ਨੂੰ ਲੈ ਕੇ ਮਾਧੋਪੁਰ ਨਾਕਾ ਪੂਰੀ ਤਰ੍ਹਾਂ ਹਾਈ ਅਲਰਟ ’ਤੇ ਹੈ।