ਨਰਿੰਦਰ ਸਿੰਘ
ਭਿੱਖੀਵਿੰਡ, 6 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਵਿੱਚ ਰੋਸ ਹੈ। ਇਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਜਗ੍ਹਾ ਜਗ੍ਹਾ ਪ੍ਰਦਰਸ਼ਨ ਕਰਕੇ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਅੱਜ ਪੰਜਾਬ ਬਾਰਡਰ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਕਸਬਾ ਖੇਮਕਰਨ ਤੋਂ ਭਿੱਖੀਵਿੰਡ ਦੇ ਇਤਿਹਾਸਕ ਨਗਰ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਹੂਵਿੰਡ ਤੱਕ ਟਰੈਕਟਰ ਰੈਲੀ ਕੱਢੀ ਗਈ। ਇਸ ਮੌਕੇ ਹਜ਼ਾਰਾਂ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੈਲੀ ਦੀ ਸ਼ੁਰੂਆਤ ਖੇਮਕਰਨ ਤੋਂ ਜਿੱਤ ਦੀ ਅਰਦਾਸ ਨਾਲ ਸ਼ੁਰੂ ਹੋਈ। ਇਸ ਟਰੈਕਟਰ ਰੈਲੀ ਦੀ ਸਮਾਪਤੀ ਬਾਬਾ ਦੀਪ ਸਿੰਘ ਜੀ ਅਸਥਾਨ ’ਤੇ ਜਿੱਤ ਦੀ ਅਰਦਾਸ ਨਾਲ ਸਮਾਪਤੀ ਕੀਤੀ ਗਈ।
ਇਸ ਮੌਕੇ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਦੇਸ਼ ਭਰ ਦੇ ਕਿਸਾਨ ਦਿੱਲੀ ਧਰਨੇ ’ਤੇ ਬੈਠੇ ਹਨ ਜਿਨ੍ਹਾਂ ਦੀ ਚੜ੍ਹਦੀ ਕਲਾ ਲਈ ਅੱਜ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਹੀ ਅੱਜ ਟਰੈਕਟਰ ਰੈਲੀ ਕੀਤੀ ਗਈ ਹੈ।
ਮੋਦੀ ਦੀ ‘ਮਨ ਕੀ ਬਾਤ’ ਸਵਾਲਾਂ ਦੇ ਘੇਰੇ ਵਿੱਚ
ਬਾਰਡਰ ਕਿਸਾਨ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਭੂਰਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਦੇਸ਼ ਸਮੇਤ ਵਿਦੇਸ਼ਾਂ ਵਿਚੋਂ ਵੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ‘ਮਨ ਕੀ ਬਾਤ’ ਦੇਸ਼ ਭਰ ਦੇ ਲੋਕਾਂ ਨੂੰ ਕਹਿ ਰਹੇ ਹਨ ਪਰ ਖੇਤੀ ਕਾਨੂੰਨਾਂ ਬਾਰੇ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬਜ਼ਿੱਦ ਹਨ।