ਪੰਜਾਬ ’ਚ ਨਸ਼ਿਆਂ ਲਈ ਰਵਾਇਤੀ ਪਾਰਟੀਆਂ ਜ਼ਿੰਮੇਵਾਰ: ਧਾਲੀਵਾਲ
ਵਿਧਾਇਕ ਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ’ਚ ਡੋਬ ਕੇ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਚਕਨਾਚੂਰ ਕਰਨ ਲਈ ਰਵਾਇਤੀ ਪਾਰਟੀਆਂ ਜ਼ਿੰਮੇਵਾਰ ਹਨ। ਸ੍ਰੀ ਧਾਲੀਵਾਲ ਨੇ ਅੱਜ ਹਲਕੇ ਦੇ ਪਿੰਡਾਂ ਤਲਵੰਡੀ ਨਾਹਰ, ਭੁਰੇਗਿਲ ਤੇ ਹਰੜ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤ ਯਾਤਰਾ ’ਚ ਸ਼ਮੂਲੀਅਤ ਕਰ ਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਦਾ ਸੱਦਾ ਦਿੱਤਾ। ਸ੍ਰੀ ਧਾਲੀਵਾਲ ਵੱਲੋਂ ਡਿਫੈਂਸ ਕਮੇਟੀਆਂ, ਪੰਚਾਂ, ਸਰਪੰਚਾਂ, ਨੰਬਰਦਾਰਾਂ, ਯੂਥ ਕਲੱਬਾਂ, ਮਹਿਲਾ ਮੰਡਲਾਂ, ਸਮਾਜ ਸੇਵੀਆਂ ਤੇ ਪਿੰਡਾਂ ਦੇ ਲੋਕਾਂ ਨੂੰ ਨਸ਼ਾ ਮੁਕਤੀ ਲਈ ਸਹੁੰ ਚੁਕਾਈ। ਉਨ੍ਹਾਂ ਆਜ਼ਾਦੀ ਪਿੱਛੋਂ ਸੱਤਾ ’ਤੇ ਕਾਬਜ਼ ਰਹੀਆਂ ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਦੀ ਘੇਰਾਬੰਦੀ ਕਰਦਿਆਂ ਕਿਹਾ ਕਿ ਅੱਜ ‘ਆਪ’ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਦੀ ਲੋੜ ਨਹੀਂ ਸੀ ਪੈਣੀ ਜੇ ਰਵਾਇਤੀ ਰਾਜਸੀ ਪਾਰਟੀਆਂ ਨੇ ਆਪਣੇ ਲੰਮੇ ਰਾਜਕਾਲ ਦੌਰਾਨ ਲੋਕਾਂ ਲਈ ਕੰਮ ਕੀਤਾ ਹੁੰਦਾ। ਸ੍ਰੀ ਧਾਲੀਵਾਲ ਨੇ ਦਾਅਵਾ ਕੀਤਾ ਕਿ ਸਾਲ 2022 ’ਚ ਪੰਜਾਬ ਦੇ ਸੂਝਵਾਨ ਵੋਟਰ ਰਵਾਇਤੀ ਪਾਰਟੀਆਂ ਦਾ ਗਲੋਂ ਜ਼ੂਲ਼ਾ ਲਾਹੁਣ ਅਤੇ ‘ਆਪ’ ਦੇ ਹੱਕ ਵਿੱਚ ਫਤਵਾ ਦੇਣ ਲਈ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀਆਂ ਉਮੀਦਾਂ ’ਤੇ ਖ਼ਰਾ ਉਤਰਨ ਅਤੇ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਡੀਐੱਸਪੀ ਗੁਰਵਿੰਦਰ ਸਿੰਘ ਔਲਖ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸਰਪੰਚ ਮਨਜੀਤ ਸਿੰਘ ਆਦਿ ਮੌਜੂਦ ਸਨ।