ਮਹਾਰਾਜਾ ਸ਼ੇਰ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ
ਅਟਾਰੀ (ਦਲਬੀਰ ਸੱਖੋਵਾਲੀਆ): ਸਰਹੱਦੀ ਕਸਬਾ ਅਟਾਰੀ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਮਹਾਰਾਜਾ ਸ਼ੇਰ ਸਿੰਘ ਦੀ ਬਰਸੀ ਕੰਵਰ ਕਰਵਿੰਦਰਪਾਲ ਸਿੰਘ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਮਨਾਈ ਗਈ। ਇਸ ਮੌਕੇ ਗੁਰਦੁਆਰਾ ਬੀਬਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਹਰਭਜਨ ਸਿੰਘ ਵੱਲੋਂ ਗੁਰੂ ਚਰਨਾਂ ਵਿੱਚ ਅਰਦਾਸ ਕਰ ਕੇ ਪ੍ਰਸ਼ਾਦ ਵਰਤਾਇਆ ਗਿਆ ਅਤੇ ਮਹਾਰਾਜਾ ਸ਼ੇਰ ਸਿੰਘ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ ਗਈ। ਮਹਾਰਾਜਾ ਸ਼ੇਰ ਸਿੰਘ ਦੀ ਪੰਜਵੀਂ ਪੀੜ੍ਹੀ ਦੇ ਵਾਰਿਸ ਕੰਵਰ ਕਰਵਿੰਦਰ ਪਾਲ ਸਿੰਘ, ਕੰਵਰ ਦਵਿੰਦਰਪਾਲ ਸਿੰਘ, ਕੰਵਰ ਮੀਤਪਾਲ ਸਿੰਘ, ਅਜੇਪ੍ਰੀਤ ਸਿੰਘ, ਸੁੱਖਪ੍ਰੀਤ ਸਿੰਘ, ਹਰਜੋਧਬੀਰ ਸਿੰਘ ਅਟਾਰੀ, ਭਜਨ ਸਿੰਘ ਸੇਠ, ਚਰਨਜੀਤ ਸਿੰਘ ਸੇਠ, ਹਰਪ੍ਰੀਤ ਸਿੰਘ, ਅਵਿਨਾਸ਼ ਚੰਦਰ ਅਤੇ ਹੋਰਨਾਂ ਵੱਲੋਂ ਮਹਾਰਾਜਾ ਸ਼ੇਰ ਸਿੰਘ ਦੀ ਤਸਵੀਰ ਅੱਗੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਕੰਵਰ ਕਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਮਹਾਰਾਜਾ ਸ਼ੇਰ ਸਿੰਘ ਬਹਾਦਰ ਜਰਨੈਲ ਸਨ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਹੋ ਜਾਣ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਖੜਕ ਸਿੰਘ ਮਹਾਰਾਜਾ ਬਣੇ ਅਤੇ ਖੜਕ ਸਿੰਘ ਦੀ ਮੌਤ ਤੋਂ ਬਾਅਦ ਮਹਾਰਾਜਾ ਸ਼ੇਰ ਸਿੰਘ ਮਹਾਰਾਜਾ ਬਣੇ ਸਨ। ਸਿਰਫ਼ ਤਿੰਨ ਸਾਲ ਬਾਅਦ 15 ਸਤੰਬਰ 1843 ਨੂੰ ਮਹਾਰਾਜਾ ਸ਼ੇਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਉਸੇ ਦਿਨ ਹੀ ਮਹਾਰਾਜਾ ਸ਼ੇਰ ਸਿੰਘ ਦੇ ਪੁੱਤਰ ਟਿੱਕਾ ਪ੍ਰਤਾਪ ਸਿੰਘ ਦਾ ਵੀ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮਹਾਰਾਜਾ ਸ਼ੇਰ ਸਿੰਘ ਦਾ ਕਤਲ ਨਾ ਹੁੰਦਾ ਤਾਂ ਅੱਜ ਪੰਜਾਬ ਦਾ ਇਤਿਹਾਸ ਕੁਝ ਹੋਰ ਹੀ ਹੁੰਦਾ। ਮਹਾਰਾਜਾ ਸ਼ੇਰ ਸਿੰਘ ਸਿੱਖ ਜਗਤ ਦੇ ਸਾਂਝੇ ਜਰਨੈਲ ਸਨ। ਉਨ੍ਹਾਂ ਕਿਹਾ ਕਿ ਮਹਾਰਾਜਾ ਸ਼ੇਰ ਸਿੰਘ ਦੇ ਬਰਸੀ ਸਮਾਗਮ ਮੌਕੇ ਸਿੱਖ ਜਥੇਬੰਦੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨੇ ਚਾਹੀਦੇ ਸਨ ਪਰ ਕਿਸੇ ਵੀ ਸਿੱਖ ਸੰਸਥਾ ਵੱਲੋਂ ਮਹਾਰਾਜਾ ਸ਼ੇਰ ਸਿੰਘ ਨੂੰ ਸ਼ਰਧਾਂਜਲੀ ਭੇਟ ਨਹੀਂ ਕੀਤੀ ਗਈ। ਮਹਾਰਾਜਾ ਸ਼ੇਰ ਸਿੰਘ ਦੀ ਪੰਜਵੀਂ ਪੀੜ੍ਹੀ ਦੇ ਵਾਰਸਾਂ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਬਟਾਲਾ ਵਿੱਚ ਮਹਾਰਾਜਾ ਸ਼ੇਰ ਸਿੰਘ ਦੀ ਯਾਦਗਾਰ ਬਣਾਈ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸਿੱਖ ਇਤਿਹਾਸ ਬਾਰੇ ਪਤਾ ਚੱਲ ਸਕੇ।