ਗੁਰਬਖ਼ਸ਼ਪੁਰੀ
ਤਰਨ ਤਰਨ, 12 ਫਰਵਰੀ
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰਦਿਆਂ ਸ਼ਹੀਦ ਹੋਏ ਇਲਾਕੇ ਦੇ ਕਿਸਾਨ ਜੋਗਿੰਦਰ ਸਿੰਘ ਨੂੰ ਅੱਜ ਉਸ ਦੇ ਜੱਦੀ ਪਿੰਡ ਡੱਲ (ਖਾਲੜਾ) ਵਿੱਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਦੀ ਹਾਜ਼ਰੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ| ਜ਼ਿਕਰਯੋਗ ਹੈ ਕਿ 28-29 ਜਨਵਰੀ ਦੀ ਰਾਤ ਨੂੰ ਕੁਝ ਗੁੰਡਿਆਂ ਵੱਲੋਂ ਕਿਸਾਨਾਂ ਦੇ ਕੈਂਪਾਂ ’ਤੇ ਪੈਟਰੌਲ ਬੰਬਾਂ ਆਦਿ ਹਥਿਆਰਾਂ ਨਾਲ ਕੀਤੇ ਗਏ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਣ ਉਪਰੰਤ 3 ਫਰਵਰੀ ਨੂੰ ਜੋਗਿੰਦਰ ਸਿੰਘ ਦੀ ਮੌਤ ਹੋ ਗਈ ਸੀ|
ਪਿੰਡ ਦੇ ਗੁਰਦੁਆਰੇ ਵਿੱਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿਧਵਾਂ, ਸਤਨਾਮ ਸਿੰਘ ਮਾਨੋਚਾਹਲ ਆਦਿ ਨੇ ਕਿਸਾਨ ਘੋਲ ਦੇ ਸ਼ਹੀਦ ਜੋਗਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਉੁਨ੍ਹਾਂ ਆਪਣੇ ਸੰਬੋਧਨ ਦੌਰਾਨ ਦਿੱਲੀ ਦੇ ਮੋਰਚਿਆਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਮੋਰਚਿਆਂ ’ਤੇ ਡਟੇ ਰਹਿਣ ਦੇ ਉਨ੍ਹਾਂ ਦੇ ਨਿਸ਼ਚੈ ਬਾਰੇ ਜਾਣਕਾਰੀ ਦਿੱਤੀ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਭਾਰੀ ਦਬਾਅ ਅਤੇ ਅੰਦੋਲਨ ਨੂੰ ਤਾਰਪੀਡੋ ਕਰਨ ਦੀਆਂ ਚਾਲਾਂ ਚੱਲਣ ਦੇ ਬਾਵਜੂਦ ਵੱਡੀ ਗਿਣਤੀ ਕਿਸਾਨਾਂ ਵੱਲੋਂ ਦਿੱਲੀ ਜਾਣ ਦਾ ਸਿਲਸਿਲਾ ਜਾਰੀ ਹੈ ਅਤੇ ਸਰਕਾਰ ਖਿਲਾਫ਼ ਕਿਸਾਨਾਂ ਅੰਦਰ ਗੁੱਸਾ ਦਿਨੋਂ ਦਿਨ ਵਧ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਜਥੇਬੰਦੀ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਤਿਆਰ ਕੀਤੀ ਹੈ| ਇਸ ਮੌਕੇ ਜਥੇਬੰਦੀ ਦੇ ਆਗੂਆਂ ਵੱਲੋਂ ਜੋਗਿੰਦਰ ਸਿੰਘ ਦੇ ਪਰਿਵਾਰ ਦਾ ਸਨਮਾਨ ਵੀ ਕੀਤਾ ਗਿਆ|