ਸ਼ਹੀਦ ਏਐੱਲਡੀ ਦਲਜੀਤ ਸਿੰਘ ਨੂੰ ਸ਼ਰਧਾਂਜਲੀਆਂ
ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ
Advertisement
ਲੱਦਾਖ ਵਿੱਚ ਹਾਦਸੇ ਦੌਰਾਨ ਫੌਤ ਹੋਣ ਵਾਲੇ ਭਾਰਤੀ ਸੈਨਾ ਦੇ ਏ.ਐੱਲ.ਡੀ. ਦਲਜੀਤ ਸਿੰਘ ਦੀ ਯਾਦ ਵਿੱਚ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿੱਚ ਅਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਸੁਰੱਖਿਆ ਸੇਵਾਵਾਂ ਕਲਿਆਣ, ਸੁਤੰਤਰਤਾ ਸੈਨਾਨੀ ਤੇ ਬਾਗ਼ਬਾਨੀ ਮੰਤਰੀ ਮਹਿੰਦਰ ਭਗਤ ਵਿਸ਼ੇਸ਼ ਤੌਰ ’ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਸਮੇਤ ਵੱਡੀ ਗਿਣਤੀ ’ਚ ਲੋਕ ਸਥਾਨਕ ਸ਼ਹਿਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ।
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਦੇਸ਼ ਨੂੰ ਆਪਣੇ ਇਸ ਵੀਰ ਸਪੂਤ ਸ਼ਹੀਦ ਦਲਜੀਤ ਸਿੰਘ ’ਤੇ ਮਾਣ ਹੈ, ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੁਖੀ ਪਰਿਵਾਰ ਨਾਲ ਸੰਵੇਦਨਾ ਜ਼ਾਹਰ ਕਰਨ ਆਏ ਹਨ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਮੁਆਵਜ਼ੇ ਦੇ ਰੂਪ ਵਿੱਚ ਇੱਕ ਕਰੋੜ ਰੁਪਏ ਦਿੱਤੇ ਜਾਣਗੇ ਜਿਸ ਵਿੱਚੋਂ 6 ਲੱਖ ਰੁਪਏ ਦਾ ਚੈੱਕ ਅੱਜ ਹੀ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ। ਬਾਕੀ 94 ਲੱਖ ਰੁਪਏ ਜ਼ਰੂਰੀ ਕਾਗ਼ਜ਼ੀ ਕਾਰਵਾਈ ਬਾਅਦ ਜਲਦੀ ਪਰਿਵਾਰ ਨੂੰ ਸੌਂਪ ਦਿੱਤੇ ਜਾਣਗੇ। ਭਗਤ ਨੇ ਕਿਹਾ ਕਿ ਸ਼ਹੀਦ ਦੇ ਭਰਾ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਮ ’ਤੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿੰਡ ਦੇ ਮੁੱਖ ਰਸਤੇ ਤੇ ਸ਼ਹੀਦ ਦੀ ਯਾਦ ਵਿੱਚ ਗੇਟ ਵੀ ਬਣਾਇਆ ਜਾਵੇਗਾ। ਇਸ ਮੌਕੇ ਸ਼ਹੀਦ ਦੇ ਪਿਤਾ ਗੁਲਜ਼ਾਰ ਸਿੰਘ ਦਾ ਸਨਮਾਨ ਵੀ ਕੀਤਾ ਗਿਆ।
Advertisement
Advertisement