ਰਾਜਨ ਮਾਨ
ਮਜੀਠਾ, 29 ਜਨਵਰੀ
ਵਿਧਾਨ ਸਭਾ ਹਲਕਾ ਮਜੀਠਾ ਤੋਂ ਇਸ ਵਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਤਿੰਨ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹਲਕੇ ਤੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਆਪੋ-ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ। ਤਿੰਨਾਂ ਹੀ ਉਮੀਦਵਾਰਾਂ ਵੱਲੋਂ ਆਪਣੀ ਜਿੱਤ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਇਸ ਹਲਕੇ ਵਿੱਚ ਜਿਥੇ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲੀ ਮਜੀਠੀਆ ਨੂੰ ਆਪਣੇ ਮੁੱਖ ਦੋ ਵਿਰੋਧੀਆਂ ਦੀਆਂ ਹੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੱਗਾ ਮਜੀਠੀਆ ਨੂੰ ਇਨ੍ਹਾਂ ਦੋਹਾਂ ਵਿਰੋਧੀਆਂ ਦੇ ਨਾਲ-ਨਾਲ ਪਾਰਟੀ ਅੰਦਰ ਹੋ ਰਹੀ ਭਾਰੀ ਵਿਰੋਧਤਾ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਜੱਗਾ ਮਜੀਠੀਆ ਨੂੰ ਆਪਣੇ ਹੀ ਸਕੇ ਭਰਾ ਲਾਲੀ ਮਜੀਠੀਆ, ਜੋ ਕਾਂਗਰਸ ਛੱਡਕੇ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਸਨ, ਨਾਲ ਵੀ ਟੱਕਰ ਲੈਣੀ ਪੈ ਰਹੀ ਹੈ। ਇਨ੍ਹਾਂ ਦੋਹਾਂ ਧਿਰਾਂ ਤੋਂ ਅੱਗੇ ਜੱਗਾ ਮਜੀਠੀਆ ਨੂੰ ਹਲਕੇ ਅੰਦਰ ਪਾਰਟੀ ਦੀ ਟਿਕਟ ਦੇ ਵੱਡੇ ਦਾਅਵੇਦਾਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੀ ਨਾਰਾਜ਼ਗੀ ਦਾ ਵੀ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਪਾਰਟੀ ਟਿਕਟ ਨਾ ਮਿਲਣ ’ਤੇ ਸੱਚਰ ਭਾਜਪਾ ਵਿੱਚ ਚਲੇ ਗਏ ਸਨ ਪਰ ਇਕ ਦਿਨ ਬਾਅਦ ਸੀਨੀਅਰ ਆਗੂਆਂ ਵਲੋਂ ਟਿਕਟ ’ਤੇ ਮੁੜ ਵਿਚਾਰ ਕਰਨ ਦਾ ਭਰੋਸਾ ਦਿੱਤੇ ਜਾਣ ’ਤੇ ਉਹ ਵਾਪਸ ਪਾਰਟੀ ਵਿੱਚ ਆ ਗਏ ਸਨ। ਇਹ ਗੱਲ ਸਪੱਸ਼ਟ ਹੈ ਕਿ ਭਾਵੇਂ ਸੱਚਰ ਪਾਰਟੀ ਉਮੀਦਵਾਰ ਦੀ ਮਦਦ ਕਰਨ ਦਾ ਦਾਅਵਾ ਕਰਨ ਪਰ ਸਭ ਅੱਛਾ ਨਹੀਂ ਹੈ। ਇਸ ਹਲਕੇ ਤੋਂ ਹਮੇਸ਼ਾਂ ਹੀ ਕਾਂਗਰਸ ਪਾਰਟੀ ਦੀ ਫੁੱਟ ਹੀ ਉਸਦੀ ਹਾਰ ਦਾ ਕਾਰਨ ਬਣਦੀ ਆਈ ਹੈ। ਜੇਕਰ ਸੋਮਵਾਰ ਨੂੰ ਸੁਪਰੀਮ ਕੋਰਟ ਵਲੋਂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਜਾਂਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਕੁਝ ਵੱਖਰੇ ਵੀ ਬਣ ਸਕਦੇ ਹਨ।