ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 30 ਅਕਤੂਬਰ
ਕਿਸਾਨਾਂ ਵੱਲੋਂ ਪਰਾਲੀ ਸਾੜੇ ਜਾਣ ਦੇ ਮਾਮਲਿਆਂ ਨੂੰ ਰੋਕਣ ਵਿੱਚ ਕੁਤਾਹੀ ਵਰਤਣ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਦੋ ਖੇਤੀਬਾੜੀ ਅਫਸਰਾਂ ਨੂੰ ਵਿਭਾਗ ਨੇ ਮੁਅੱਤਲ ਕਰ ਦਿੱਤਾ ਹੈ।
ਖੇਤੀਬਾੜੀ ਵਿਭਾਗ ਵੱਲੋਂ ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਹਰਪਾਲ ਸਿੰਘ ਅਤੇ ਖੇਤੀਬਾੜੀ ਅਫ਼ਸਰ ਪੱਟੀ ਭੁਪਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਉਕਤ ਦੋਵੇਂ ਅਧਿਕਾਰੀਆਂ ਵੱਲੋਂ ਸਰਕਾਰ ਦੇ ਸਖ਼ਤ ਨਿਰਦੇਸ਼ਾਂ ਦੇ ਬਾਵਜੂਦ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਅਸਮਰੱਥ ਅਧਿਕਾਰੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦੇ ਹੋਏ ਉਕਤ ਦੋਵੇਂ ਜਣਿਆਂ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਕਥਿਤ ਤੌਰ ’ਤੇ ਆਪਣੀਆਂ ਰਸੂਖਦਾਰੀਆਂ ਪਾਲਣ ਅਤੇ ਸਿਆਸੀ ਲੋਕਾਂ ਦੀ ਖੁਸ਼ਾਮਦ ਕਰਨ ਕਰ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਵੱਧ ਮਾਮਲੇ ਆਏ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਸਮੇਤ ਸੂਬੇ ਭਰ ਵਿੱਚ ਚਾਰ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਖੇਤੀਬਾੜੀ ਅਫਸਰ ਹਰਪਾਲ ਸਿੰਘ ਅਤੇ ਭੁਪਿੰਦਰ ਸਿੰਘ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਤ ਹਨ। ਉਕਤ ਸਾਰੇ ਅਧਿਕਾਰੀਆਂ ਨੂੰ ਹੈੱਡਕੁਆਰਟਰ ਮੁਹਾਲੀ ਵਿੱਚ ਨਿਯੁਕਤ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਨੱਥ ਪਾਉਣ ਦੇ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਸਨ, ਜਿਸ ਕਰ ਕੇ ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਖੇਤੀਬਾੜੀ ਅਫ਼ਸਰਾਂ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਕਥਾਮ ਲਈ ਢੁੱਕਵੀਂ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦੀ ਕਾਰਵਾਈ ਤੋਂ ਬਾਅਦ ਵੀ ਜ਼ਿਲ੍ਹਾ ਤਰਨ ਤਾਰਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ ਦਰਜ ਕੀਤਾ ਗਿਆ ਜਿਸ ਕਰ ਕੇ ਜ਼ਿਲ੍ਹੇ ਦੇ ਦੋ ਅਧਿਕਾਰੀਆਂ ’ਤੇ ਗਾਜ ਡਿੱਗੀ ਹੈ।