ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 24 ਘੰਟਿਆਂ ’ਚ ਗ੍ਰਿਫ਼ਤਾਰ ਕਰਕੇ ਜਨਤਕ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਨੂੰ ਹੱਲ ਕਰ ਲੈਣ ਦਾ ਦਾਅਵਾ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ ’ਤੇ ਖਾਲਸਾ ਕਾਲਜ, ਜ਼ਿਲ੍ਹਾ ਅਦਾਲਤ ਅਤੇ ਧਾਰਮਿਕ ਅਸਥਾਨ ਦੀ ਬਾਹਰਲੀ ਕੰਧ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ ਸਨ। ਅਮਰੀਕਾ ਸਥਿਤ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਸੀ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਅਜ ਇਸ ਮਾਮਲੇ ਵਿੱਚ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਦੀ ਪਛਾਣ ਬਟਾਲਾ ਦੇ ਦਰਗਾਬਾਦ ਪਿੰਡ ਦੇ ਵਸਨੀਕ ਜਸ਼ਨਪ੍ਰੀਤ ਸਿੰਘ (22) ਅਤੇ 17 ਸਾਲ ਦੇ ਨਾਬਾਲਗ ਵਜੋ ਹੋਈ ਹੈ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼-ਆਧਾਰਿਤ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਜਿਸ ਨੇ ਉਨ੍ਹਾਂ ਨੂੰ ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ’ਤੇ ਇਹ ਕਾਰਵਾਈ ਕਰਨ ਲਈ ਕਿਹਾ ਸੀ।