ਪੁਲੀਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਤਰਨ ਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਗੁਲਬਾਗ ਸਿੰਘ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ।
ਪੁਲੀਸ ਵੱਲੋਂ ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐੱਮ ਐੱਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ), ਇੱਕ .30 ਬੋਰ ਸਪੈਸ਼ਲ ਮੋਡੀਫਾਈਡ ਪਿਸਤੌਲ, ਚਾਰ .30 ਬੋਰ ਦੇ ਪਿਸਤੌਲ ਸ਼ਾਮਲ ਹਨ।
ਪੁਲੀਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦੀ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ।
ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸੁਰਜੀਤ ਉਰਫ਼ ਰਾਣਾ ਪਹਿਲਾਂ ਹੀ ਤਰਨ ਤਾਰਨ ਦੇ ਪੁਲੀਸ ਸਟੇਸ਼ਨ ਭਿੱਖੀਵਿੰਡ ਵਿੱਚ ਦਰਜ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਹੈ। ਪੁਲੀਸ ਵੱਲੋਂ ਮਾਮਲੇ ’ਚ ਬਣਦੀ ਅਗਲੇਰੀ ਕਾਰਵਾਈ ਅਤੇ ਹੋਰ ਜਾਂਚ ਕੀਤੀ ਜਾ ਰਹੀ ਹੈ।
