ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 17 ਅਗਸਤ
ਇੱਥੇ ਅੱਜ ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਬਰਾਸਤਾ ਸੰਤਪੁਰਾ ਸੜਕ ਦੀ ਖਸਤਾ ਹਾਲਤ ਕਾਰਨ ਸਵੇਰੇ ਪਿੰਡ ਬੱਲ ਖੁਰਦ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਘਟਨਾ ਮਗਰੋਂ ਗੁੱਸੇ ਵਿੱਚ ਆਏ ਲੋਕਾਂ ਵੱਲੋਂ ਕਿਸਾਨ ਜਥੇਬੰਦੀਆਂ ਦੀ ਮਦਦ ਨਾਲ ਸੜਕ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ। ਸਥਾਨਕ ਲੋਕਾਂ ਨੇ ਬੱਸ ਡਰਾਈਵਰ ਨੂੰ ਮੌਕੇ ’ਤੇ ਕਾਬੂ ਕਰਕੇ ਉਸ ਦੀ ਕੁੱਟਮਾਰ ਵੀ ਕੀਤੀ ਅਤੇ ਪੁਲੀਸ ਹਵਾਲੇ ਕਰ ਦਿੱਤਾ। ਇਸ ਦੌਰਾਨ ਕੰਬੋਅ ਅਤੇ ਚੌਕੀ ਬੱਲ ਕਲਾਂ ਦੇ ਪੁਲੀਸ ਅਧਿਕਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਹੇਠ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸੜਕ ਦੀ ਖਸਤਾ ਹਾਲਤ ਨੂੰ ਕਈ ਸਾਲ ਹੋ ਗਏ ਹਨ ਤੇ ਸੜਕ ਨੂੰ ਚੌੜਾ ਕਰਕੇ ਬਣਾਉਣ ਦਾ ਕੰਮ ਮੱਠੀ ਚਾਲ ਚੱਲ ਰਿਹਾ ਹੈ। ਇਸ ਕਾਰਨ ਸੜਕ ’ਤੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਅਤੇ ਕਈ ਜਾਨਾਂ ਜਾ ਚੁੱਕੀਆਂ ਹਨ ਪਰ ਪ੍ਰਸ਼ਾਸਨ ’ਤੇ ਇਸ ਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ।
ਪੁਲੀਸ ਚੌਕੀ ਬੱਲ ਖੁਰਦ ਦੇ ਇੰਚਾਰਜ ਏਐੱਸਆਈ ਜਸਬੀਰ ਸਿੰਘ ਨੇ ਦੱਸਿਆ ਕਿ ਪਿੰਡ ਮੁਰਾਦਪੁਰਾ (ਥਾਣਾ ਕੰਬੋਅ) ਦੇ ਵਾਸੀ ਹਰਭਜਨ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਜਸਬੀਰ ਸਿੰਘ ਪੁੱਤਰ ਸਾਧਾ ਸਿੰਘ ਆਪਣੇ ਡਿਸਕਵਰ ਮੋਟਰਸਾਈਕਲ ਨੰਬਰ ਪੀਬੀ 02 ਈ 2483 ’ਤੇ ਫਤਿਹਗੜ੍ਹ ਚੂੜੀਆਂ ਰੋਡ ਉੱਤੇ ਪਿੰਡ ਮਹੱਦੀਪੁਰਾ ਵੱਲ ਜਾ ਰਹੇ ਸਨ ਤਾਂ ਦੂਜੇ ਪਾਸਿਓਂਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀਬੀ 02 ਡੀਓ 9038 ਦੀ ਲਪੇਟ ਵਿੱਚ ਆ ਗਏ। ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਿਸਾਨ ਜਥੇਬੰਦੀ ਦੇ ਆਗੂਆਂ ਅਤੇ ਇਲਾਕੇ ਦੇ ਲੋਕਾਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ।