ਡਰੋਨ ਤੇ ਅਸਲੇ ਸਣੇ ਦੋ ਨੌਜਵਾਨ ਗ੍ਰਿਫ਼ਤਾਰ
ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਗਲੋਕ ਪਿਸਤੌਲ, ਦੋ ਗੋਲੀਆਂ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੋਹਿਤ ਅਤੇ ਸਾਜਨ ਸਿੰਘ ਦੋਵੇਂ ਵਾਸੀ ਅਟਾਰੀ ਵੱਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਗਲੋਕ ਪਿਸਤੌਲ, ਇੱਕ ਡਰੋਨ ਏ ਆਈ ਆਰ 3 ਐੱਸ ਡੀ ਜੀ ਆਈ ਸ਼੍ਰੇਣੀ ਅਤੇ ਦੋ ਰੌਂਦ ਤੇ ਇੱਕ ਸਕੂਟਰ ਬਰਾਮਦ ਕੀਤਾ ਹੈ। ਐੱਸ ਐੱਸ ਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਡੀ ਐੱਸ ਪੀ ਗੁਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸੀ ਆਈ ਏ ਸਟਾਫ ਵੱਲੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀ ਆਈ ਏ ਸਟਾਫ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਵਿਅਕਤੀ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਸਪਲਾਈ ਕਰਦੇ ਹਨ ਅਤੇ ਹੁਣ ਵੀ ਇਹ ਅਸਲਾ ਸਪਲਾਈ ਕਰਨ ਲਈ ਜਾ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲੀਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਖਾਸਾ ਨੇੜੇ ਪੁਲ ਦੇ ਕੋਲ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਘਰਿੰਡਾ ਵਿੱਚ ਕੇਸ ਦਰਜ ਕੀਤਾ ਹੈ। ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਦੌਰਾਨ ਜੋ ਵੀ ਵਿਅਕਤੀ ਸਾਹਮਣੇ ਆਉਣਗੇ, ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਹੋਵੇਗੀ