ਕੇਂਦਰੀ ਰਾਜ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਕੇਂਦਰੀ ਰੇਲ ਅਤੇ ਜਲ ਸ਼ਕਤੀ ਰਾਜ ਮੰਤਰੀ ਵੀ. ਸੋਮੰਨਾ ਨੇ ਅੱਜ ਦੋ ਰੋਜ਼ਾ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਪਹੁੰਚੇ ਹਨ। ਆਪਣੇ ਦੌਰੇ ਦੇ ਪਹਿਲੇ ਦਿਨ ਉਨ੍ਹਾਂ ਪਿੰਡ ਕੱਕੜ, ਲੋਧੀ ਗੁੱਜਰ, ਮੰਜ ਅਤੇ ਸੈਦਪੂਰ ਦੇ ਇਲਾਕਿਆਂ ਦਾ ਦੌਰਾ ਕੀਤਾ। ਕੇਂਦਰੀ ਰਾਜ ਮੰਤਰੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਵੇਰਵੇ ਪ੍ਰਾਪਤ ਕੀਤੇ ਗਏ। ਸੋਮੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਨੂੰ ਪੂਰੀ ਸਹਾਇਤਾ ਦੇਣ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਨ। ਉਨ੍ਹਾਂ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੜ੍ਹਾਂ ਕਾਰਨ ਪੰਜਾਬ ਦੇ ਜਿਨ੍ਹਾਂ ਇਲਾਕਿਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਪੂਰੀ ਮਦਦ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀ ਜ਼ਿੰਦਗੀ ਮੁੜ ਲੀਹ ’ਤੇ ਲਿਆਂਦੀ ਜਾਵੇਗੀ।
ਕੇਂਦਰੀ ਰਾਜ ਮੰਤਰੀ ਭਲਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਤੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਨਿਰੀਖਣ ਕਰਨਗੇ। ਇਸ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਭਾਜਪਾ ਦਿਹਾਤੀ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ, ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ, ਸੀਡਬਲਯੂਸੀ ਸੁਪਰਡੈਂਟਿੰਗ ਇੰਜਨੀਅਰ ਸੀਮਾ ਪਾਂਡੇ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਭਾਗੀਰਥ ਵੱਲੋਂ ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ (ਕੇਪੀ ਸਿੰਘ): ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਪੁਨਰਵਾਸ ਕਾਰਜਾਂ ਬਾਰੇ ਦੱਸਿਆ ਗਿਆ। ਇਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਰਹੇ ਪੁਨਰਵਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਯਤਨ ਕੀਤੇ ਜਾਣਗੇ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੇ ਘਰ ਹੜ੍ਹਾਂ ਕਾਰਨ ਨੁਕਸਾਨੇ ਗਏ ਹਨ ਉਨ੍ਹਾਂ ਦੇ ਮਕਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਾਏ ਜਾਣ।