ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਦੋ ਧੜਿਆਂ ਵਿਚਾਲੇ ਏਕਤਾ ਹੋਈ
ਇੱਥੇ ਪੱਤਰਕਾਰ ਸੰਮੇਲਨ ਦੌਰਾਨ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਗੁਰੂ ਤੇਗ਼ ਬਹਾਦਰ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਏਕਤਾ ਕਰਦਿਆਂ ਐਲਾਨ ਕੀਤਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਫੈਡਰੇਸ਼ਨ ਨੂੰ ਜਥੇਬੰਦਕ ਕਰਦਿਆਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਵਿੱਚ ਪੂਰੀ ਤਨਦੇਹੀ ਨਾਲ ਲਾਮਬੰਦ ਕੀਤਾ ਜਾਵੇਗਾ।
ਪੀਰ ਮੁਹੰਮਦ ਨੇ ਦੱਸਿਆ ਕਿ ਬੀਤੇ ਸਮੇਂ ਜਦ ਉਨ੍ਹਾਂ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੋਂ ਅਸਤੀਫਾ ਦਿੱਤਾ ਸੀ ਤਾਂ ਜਥੇਬੰਦੀ ਦੀ ਵਾਗਡੋਰ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੇ ਹੱਥ ਸੀ, ਕੁਝ ਸਮਾਂ ਪਹਿਲਾਂ ਐਡਵੋਕੇਟ ਢੀਗਰਾ ਸਰੀਰਕ ਵਿਛੋੜਾ ਦੇ ਗਏ ਸੀ ਪਰ ਨਵਾਂ ਪ੍ਰਧਾਨ ਨਿਯੁਕਤ ਨਹੀਂ ਕੀਤਾ ਸੀ ਲੇਕਿਨ ਫੈਡਰੇਸ਼ਨ (ਪੀਰ ਮੁਹੰਮਦ ) ਨੇ ਆਪਣੀ ਦਸ ਮੈਂਬਰੀ ਸੁਪਰੀਮ ਕੌਂਸਲ ਬਣਾਈ ਹੋਈ ਸੀ। ਉਸ ਦਸ ਮੈਂਬਰੀ ਕੌਂਸਲ ਨੇ ਮੀਟਿੰਗ ਕਰ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਿੱਚ ਸੰਪੂਰਨ ਏਕਤਾ ਲਈ ਪਹਿਲਕਦਮੀ ਕਰਦਿਆਂ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਤੀਜੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਦੇ ਬੇਟੇ ਭਾਈ ਕੰਵਰ ਚੜ੍ਹਤ ਸਿੰਘ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਸਾਂਝਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ।
ਪੀਰ ਮੁਹੰਮਦ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ, ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ)ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਖ਼ਾਲਸਾ) ਦੇ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਏਕਤਾ ਨੂੰ ਆਪਣਾ ਹੁੰਗਾਰਾ ਦੇਣ ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰ ਚੜ੍ਹਤ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂਆ ਨਾਲ ਸਲਾਹ ਮਸ਼ਵਰਾ ਕਰਕੇ ਭਾਈ ਮਨਜੀਤ ਸਿੰਘ ਸਾਬਕਾ ਪ੍ਰਧਾਨ ਅਤੇ ਕਰਨੈਲ ਸਿੰਘ ਪੀਰ ਮੁਹੰਮਦ ਸਾਬਕਾ ਪ੍ਰਧਾਨ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਸਰਪ੍ਰਸਤ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਇੱਕ ਸੁਪਰੀਮ ਐਡਵਾਇਜ਼ਰੀ ਕੌਂਸਲ ਕਾਇਮ ਕਰ ਦਿੱਤੀ ਗਈ ਹੈ ਜਿਸ ਦੀ 21 ਮੈਂਬਰੀ ਕਮੇਟੀ ਬਣਾਈ ਗਈ।
